ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਕੈਂਪ ਲਗਾ ਕੇ ਬਣਾਏ ਜਾ ਰਹੇ ਹਨ ਆਯੂਸ਼ਮਾਨ ਭਾਰਤ-ਸਰਬੱਤ ਸਿਹਤ ਬੀਮਾ ਯੋਜਨਾ ਦੇ ਕਾਰਡ

0
389

ਕਾਰਡ ਬਣਵਾਉਣ ਲਈ ਲਾਭਪਾਤਰੀ ਸੇਵਾ ਕੇਂਦਰਾਂ, ਸੀਐਸਸੀ, ਸਰਕਾਰੀ ਸਿਹਤ ਸੰਭਾਲ ਸੰਸਥਾਵਾਂ ਅਤੇ ਵਿਸ਼ੇਸ਼ ਕੈਂਪਾਂ ਵਿੱਚ ਆਪਣਾ ਅਧਾਰ ਕਾਰਡ ਨਾਲ ਲੈ ਕੇ ਆਉਣ : ਡਿਪਟੀ ਕਮਿਸ਼ਨਰ

ਜਲੰਧਰ, 24 ਫਰਵਰੀ (ਨੀਤੂ ਕਪੂਰ )

ਆਯੂਸ਼ਮਾਨ ਭਾਰਤ-ਸਰਬੱਤ ਸਿਹਤ ਬੀਮਾ ਯੋਜਨਾ ਅਧੀਨ ਸੌ ਫੀ ਸਦੀ ਯੋਗ ਲਾਭਪਾਤਰੀਆਂ ਨੂੰ ਕਵਰ ਕਰਨ ਲਈ ਪ੍ਰਸ਼ਾਸਨ ਵੱਲੋਂ ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਦੁਆਰਾ ਰਾਸ਼ਨ ਵੰਡਣ ਮੌਕੇ ਯੋਗ ਲਾਭਪਾਤਰੀਆਂ ਦੇ ਈ-ਹੈਲਥ ਕਾਰਡ ਬਣਾਉਣ ਲਈ ਲਗਾਏ ਜਾ ਰਹੇ ਵਿਸ਼ੇਸ਼ ਕੈਂਪਾਂ ਦੀ ਲੜੀ ਤਹਿਤ ਅੱਜ ਸ਼ਹਿਰ ਦੇ ਵਾਡਰ ਨੰ. 31,41, 63 ਸਮੇਤ ਵੱਖ-ਵੱਖ ਥਾਵਾਂ ‘ਤੇ ਕੈਂਪ ਆਯੋਜਿਤ ਕੀਤੇ ਗਏ, ਜਿਸ ਦੌਰਾਨ ਲਾਭਪਾਤਰੀਆਂ ਨੂੰ ਮੌਕੇ ‘ਤੇ ਆਯੂਸ਼ਮਾਨ ਭਾਰਤ-ਸਰਬੱਤ ਸਿਹਤ ਬੀਮਾ ਯੋਜਨਾ ਦੇ ਈ- ਹੈਲਥ ਕਾਰਡ ਜਾਰੀ ਕੀਤੇ ਗਏ।

ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਾਸ਼ਨ ਵੰਡ ਮੌਕੇ ਯੋਗ ਲਾਭਪਾਤਰੀਆਂ ਨੂੰ ਈ-ਹੈਲਥ ਕਾਰਡ ਜਾਰੀ ਕਰਨ ਸਮੇਤ ਮਾਰਕੀਟ ਕਮੇਟੀਆਂ ਵਿੱਚ ਜੇ-ਫਾਰਮ ਧਾਰਕ ਕਿਸਾਨਾਂ ਲਈ ਵਿਸ਼ੇਸ਼ ਕੈਂਪ ਲਗਾਉਣ ਤੋਂ ਇਲਾਵਾ ਹੋਰ ਵੀ ਵੱਖ-ਵੱਖ ਥਾਵਾਂ ‘ਤੇ ਕੈਂਪ ਲਗਾ ਕੇ ਈ-ਹੈਲਥ ਕਾਰਡ ਬਣਾਏ ਜਾ ਰਹੇ ਹਨ।

ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ  262520 ਪਰਿਵਾਰ ਇਸ ਸਕੀਮ ਅਧੀਨ 5 ਲੱਖ ਰੁਪਏ ਤੱਕ ਦੇ ਕੈਸ਼ਲੈੱਸ ਇਲਾਜ ਦਾ ਲਾਭ ਲੈਣ ਦੇ ਯੋਗ ਹਨ।  ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਹਰੇਕ ਯੋਗ ਲਾਭਪਾਤਰੀ ਨੂੰ ਆਯੂਸ਼ਮਾਨ ਭਾਰਤ-ਸਰਬੱਤ ਸਿਹਤ ਬੀਮਾ ਯੋਜਨਾ ਦਾ ਲਾਭ ਪ੍ਰਦਾਨ ਕੀਤਾ ਜਾਵੇਗਾ।

ਥੋਰੀ ਨੇ ਦੱਸਿਆ ਕਿ ਇਸ ਯੋਜਨਾ ਦੇ ਫਾਇਦਿਆਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਇੱਕ ਮੋਬਾਇਲ ਜਾਗਰੂਕਤਾ ਵੈਨ ਦੀ ਵੀ ਸ਼ੁਰੂਆਤ ਕੀਤੀ ਗਈ ਹੈ,  ਜੋ ਕਿ ਅੱਜ ਸੀ.ਐਚ.ਸੀ. ਆਦਮਪੁਰ ਵਿਖੇ ਪੁੱਜੀ।  ਇਸ ਵੈਨ ਵੱਲੋਂ ਜਾਗਰੂਕਤਾ ਸਮੱਗਰੀ ਵੰਡਣ ਤੋਂ ਇਲਾਵਾ ਇਸ ਵਿੱਚ ਲੱਗੀ ਐਲ.ਈ.ਡੀ. ਸਕਰੀਨ ‘ਤੇ ਜਾਗਰੂਕਤਾ ਸੰਦੇਸ਼ ਪ੍ਰਦਰਸ਼ਿਤ ਕੀਤੇ ਜਾ ਰਹੇ ਹਨ।

ਉਨ੍ਹਾਂ ਸਕੀਮ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਵਿਚਲੀਆਂ ਸਮੁੱਚੀਆਂ 13 ਸਰਕਾਰੀ ਸਿਹਤ ਸੰਸਥਾਵਾਂ ਅਤੇ 56 ਪ੍ਰਾਈਵੇਟ ਹਸਪਤਾਲ ਸੂਚੀਬੱਧ ਕੀਤੇ ਗਏ ਹਨ ਅਤੇ ਇਨ੍ਹਾਂ ਹਸਪਤਾਲਾਂ ਦੀ ਸੂਚੀ www.sha.punjab.gov.in ‘ਤੇ ਵੇਖੀ ਜਾ ਸਕਦੀ ਹੈ।  ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਪਹਿਲਾਂ ਹੀ ਜੇ ਫਾਰਮ ਧਾਰਕ ਕਿਸਾਨਾਂ, ਪੀਲੇ ਕਾਰਡ ਧਾਰਕਾਂ ਅਤੇ ਮਾਨਤਾ ਪ੍ਰਾਪਤ ਪੱਤਰਕਾਰਾਂ ਅਤੇ ਛੋਟੇ ਵਪਾਰੀਆਂ ਨੂੰ ਇਹ ਸਹੂਲਤ ਦੇ ਕੇ ਆਪਣਾ ਦਾਇਰਾ ਵਧਾ ਚੁੱਕੀ ਹੈ।

ਉਨ੍ਹਾਂ ਲੋਕਾਂ ਨੂੰ ਇਸ ਸਕੀਮ ਅਧੀਨ ਆਪਣਾ ਨਾਮ ਦਰਜ ਕਰਵਾਉਣ ਲਈ ਸੇਵਾ ਕੇਂਦਰਾਂ, ਸੀਐਸਸੀ, ਸਰਕਾਰੀ ਸਿਹਤ ਸੰਭਾਲ ਸੰਸਥਾਵਾਂ ਅਤੇ ਵਿਸ਼ੇਸ਼ ਕੈਂਪਾਂ ਵਿੱਚ ਆਪਣਾ ਅਧਾਰ ਕਾਰਡ ਨਾਲ ਲੈ ਕੇ ਆਉਣ ਦੀ ਅਪੀਲ ਕੀਤੀ।

LEAVE A REPLY