ਰਵਨੀਤ ਸਿੰਘ ਬਿੱਟੂ ਪੰਜਾਬ ਵਿੱਚ ਅਸ਼ਾਤੀ ਫੈਲਾਉਣ ਵਾਲੀ ਬਿਆਨਬਾਜ਼ੀ ਤੋਂ ਗੁਰੇਜ਼ ਕਰੇ: ਦਵਿੰਦਰ ਸਿੰਘ ਸੋਢੀ

0
89
  • Google+

ਕੇਂਦਰ ਸਰਕਾਰ ਭਾਈ ਰਾਜੋਆਣਾ ਸਮੇਤ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕਰੇ

ਮੋਹਾਲੀ:, 02 ਮਈ 2022: ਮਨਦੀਪ 

ਸ਼੍ਰੋਮਣੀ ਅਕਾਲੀ ਦਲ ( ਸੰਯੁਕਤ) ਦੇ ਪ੍ਰਧਾਨ ਸ. ਸੁਖਦੇਵ ਸਿੰਘ ਢੀਂਡਸਾ ਦੇ ਸਿਆਸੀ ਸਲਾਹਕਾਰ ਅਤੇ ਪਾਰਟੀ ਦੇ ਬੁਲਾਰੇ ਦਵਿੰਦਰ ਸਿੰਘ ਸੋਢੀ ਨੇ ਕਾਂਗਰਸ ਪਾਰਟੀ ਦੇ ਐਮ.ਪੀ ਰਵਨੀਤ ਸਿੰਘ ਬਿੱਟੂ ਵੱਲੋਂ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਦੇ ਵਿਰੁੱਧ ਦਿੱਤੇ ਗਏ ਬਿਆਨ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਇੱਥੇ ਜਾਰੀ ਬਿਆਨ ਵਿੱਚ ਦਵਿੰਦਰ ਸਿੰਘ ਸੋਢੀ ਨੇ ਕਿਹਾ ਕਿ ਸਿੱਖਾਂ ਤੇ ਬੇਹਾਤਾਸ਼ਾ ਜ਼ੁਲਮ ਢਹਾਉਣ ਵਾਲੀ ਕਾਂਗਰਸ ਪਾਰਟੀ ਵੱਲੋਂ ਪੰਥ ਅਤੇ ਪੰਜਾਬ ਨੂੰ ਜੋ ਜਖ਼ਮ ਦਿੱਤੇ ਹਨ ਉਹ ਪੂਰੀ ਤਰ੍ਹਾਂ ਜੱਗ ਜਹਿਰ ਹਨ ਭਾਵੇਂ ਉਹ ਸਚਖੰਡ ਸ਼੍ਰੀ ਦਰਬਾਰ ਸਾਹਿਬ ਵਿਖੇ ਫ਼ੌਜਾਂ ਚਾੜ੍ਹ ਕੇ ਸ਼੍ਰੀ ਅਕਾਲ ਤਖ਼ਤ ਸਾਹਿਬ ਤੇ ਹਮਲਾ ਕਰਨ ਦਾ ਹੋਵੇ ਜਾਂ ਫਿਰ 1984 ਵਿੱਚ ਦਿੱਲੀ ਸਮੇਤ 12 ਰਾਜਾਂ ਵਿਖੇ ਸਿੱਖ ਨਸਲਕੋਸ਼ੀ ਕਰਨ ਦੀਆਂ ਘਟਨਾਵਾਂ ਹੋਣ। ਸਿੱਖਾਂ ਦੇ ਦਿਲਾਂ ਤੋਂ ਕਦੇ ਵੀ ਕਾਂਗਰਸ ਸਰਕਾਰ ਵੱਲੋਂ ਦਿੱਤੇ ਗਏ ਇਹਨਾਂ ਜਖ਼ਮਾਂ ਨੂੰ ਭੁਲਾਇਆ ਨਹੀਂ ਜਾ ਸਕਦਾ। ਸੋਢੀ ਨੇ ਕਿਹਾ ਕਿ ਸਿੱਖ ਕੌਮ ਕਾਂਗਰਸ ਨੂੰ ਉਹਨਾਂ ਵੱਲੋਂ ਕੀਤੇ ਗਏ ਗੁਨਾਹਾਂ ਲਈ ਕਦੇ ਮੁਆਫ਼ ਨਹੀਂ ਕਰੇਗੀ। ਦਵਿੰਦਰ ਸਿੰਘ ਸੋਢੀ ਨੇ ਕਿਹਾ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਸਣੇ ਹੋਰ ਬੰਦੀ ਸਿੰਘ ਸਿੱਖ ਕੌਮ ਦੇ ਮਹਾਨ ਯੋਧੇ ਹਨ। ਜਿਹਨਾਂ ਦੀਆਂ ਕੁਰਬਾਨੀਆਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ । ਦਵਿੰਦਰ ਸਿੰਘ ਸੋਢੀ ਨੇ ਕਿਹਾ ਕਿ ਰਵਨੀਤ ਸਿੰਘ ਬਿੱਟੂ ਦੇ ਦਾਦਾ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਵੀ ਹਜ਼ਾਰਾਂ ਨਿਰਦੋਸ਼ ਸਿੱਖਾਂ ਦੇ ਕਤਲ ਦਾ ਦੋਸ਼ੀ ਹੈ। ਸੋਢੀ ਨੇ ਕਿਹਾ ਕਿ ਭਾਈ ਰਾਜੋਆਣਾ ਜੇਲ੍ਹ ਵਿੱਚ ਆਪਣੀ ਸਜ਼ਾ ਪੂਰੀ ਕਰ ਚੁੱਕੇ ਹਨ। ਇਸ ਕਰਕੇ ਰਵਨੀਤ ਬਿੱਟੂ ਨੂੰ ਉਹਨਾਂ ਦੀ ਰਿਹਾਈ ਵਿੱਚ ਅੜਿੱਕਾ ਡਾਹ ਕੇ ਪੰਜਾਬ ਵਿੱਚ ਦੁਬਾਰਾ ਅਸ਼ਾਂਤੀ ਫੈਲਾਉਣ ਵਾਲੀ ਬਿਆਨਬਾਜ਼ੀ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਕਿਉਂਕਿ ਪੰਜਾਬ ਪਹਿਲਾਂ ਹੀ ਬਹੁਤ ਸੰਤਾਪ ਭੋਗ ਚੁੱਕਾ ਹੈ ਅਤੇ ਪੰਜਾਬ ਅੰਦਰ ਹਿੰਦੂ ਸਿੱਖ ਸਮੇਤ ਸਾਰੇ ਧਰਮਾਂ ਦੇ ਲੋਕ ਭਾਈਚਾਰਕ ਸਾਂਝ ਅਤੇ ਅਮਨ ਸ਼ਾਤੀ ਨਾਲ ਰਹਿ ਰਹੇ ਹਨ ਅਤੇ ਕਿਸੇ ਵੀ ਧਰਮ ਜਾਂ ਫ਼ਿਰਕੇ ਨੂੰ ਕੋਈ ਖ਼ਤਰਾ ਨਹੀਂ ਹੈ। ਉਹਨਾਂ ਕਿਹਾ ਕਿ ਰਵਨੀਤ ਬਿੱਟੂ ਨੂੰ ਚਾਹੀਦਾ ਹੈ ਕਿ ਉਹ ਝੂਠੇ ਪੁਲਿਸ ਮੁਕਾਬਲੇ ਬਣਾਉਣ ਵਾਲੇ ਪੁਲਿਸ ਅਫ਼ਸਰਾਂ ਅਤੇ ਦਿੱਲੀ ਸਮੇਤ ਸਿੱਖਾਂ ਦੇ ਨਸਲਕੁਸ਼ੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਦੀ ਗੱਲ ਕਰਨ ਜਦ ਕਿ ਅਜਿਹਾ ਨਾ ਕਰਕੇ ਬਿੱਟੂ ਕਾਂਗਰਸ ਪਾਰਟੀ ਵੱਲੋਂ ਕੀਤੇ ਜ਼ੁਲਮਾਂ ਤੇ ਪਰਦਾ ਪਾਉਣਾ ਚਾਹੁੰਦੇ ਹਨ। ਉਹਨਾਂ ਨੇ ਕੇਂਦਰ ਸਰਕਾਰ ਨੂੰ ਜੇਲ੍ਹਾਂ ਵਿੱਚ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦੀ ਮੰਗ ਕੀਤੀ ਹੈ।

LEAVE A REPLY