ਸਿਵਲ ਸਰਜਨ ਨੇ ਸਿਹਤ ਵਿਭਾਗ ਵੱਲੋਂ ਜਾਰੀ ਹੀਟ ਵੇਵ ਸੰਬੰਧੀ ਐਡਵਾਇਜਰੀ ਨੂੰ ਲੋਕਾਂ ਨਾਲ ਕੀਤਾ ਸਾਂਝਾ
ਜਲੰਧਰ (6-5-2022): ਤਾਪਮਾਨ ਵਿੱਚ ਦਿਨ-ਪ੍ਰਤੀਦਿਨ ਹੋ ਰਹੇ ਵਾਧੇ ਨੂੰ ਧਿਆਨ ਵਿੱਚ ਰੱਖਦਿਆਂ ਲੋਕਾਂ ਨੂੰ ਗਰਮੀ ਦੀ ਲਹਿਰ (ਹੀਟ ਵੇਵ) ਤੋਂ ਬਚਾਅ ਹਿੱਤ ਵਧੇਰੇ ਸੁਚੇਤ ਹੋਣ ਦੀ ਲੋੜ ਹੈ। ਇਹ ਵਿਚਾਰ ਸਾਂਝੇ ਕਰਦਿਆਂ ਸਿਵਲ ਸਰਜਨ ਜਲੰਧਰ ਡਾ. ਰਣਜੀਤ ਸਿੰਘ ਘੋਤੜਾ ਨੇ ਕਿਹਾ ਕਿ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵੱਲੋਂ ਹੀਟ ਵੇਵ ਨੂੰ ਮੱਦੇਨਜਰ ਰੱਖਦਿਆਂ ਵਿਸ਼ੇਸ਼ ਤੌਰ ‘ਤੇ ਐਡਵਾਇਜ਼ਰੀ ਵੀ ਜਾਰੀ ਕੀਤੀ ਗਈ ਹੈ।
ਸਿਹਤ ਵਿਭਾਗ ਵੱਲੋਂ ਜਾਰੀ ਐਡਵਾਇਜ਼ਰੀ ਸੰਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਰਣਜੀਤ ਸਿੰਘ ਘੋਤੜਾ ਵੱਲੋਂ ਦੱਸਿਆ ਗਿਆ ਕਿ 40 ਡਿਗਰੀ ਤੋਂ ਵੱਧ ਤਾਪਮਾਨ ਹੋ ਜਾਣ ਨਾਲ ਗਰਮੀ ਦੀ ਲਹਿਰ (ਹੀਟ ਵੇਵ) ਦੀ ਸਥਿਤੀ ਬਣ ਜਾਂਦੀ ਹੈ ਜੋ ਕਿ ਸਰੀਰ ਦੇ ਤਾਪਮਾਨ ਨਿਯਮ ਪ੍ਰਣਾਲੀ ਨੂੰ ਵਿਗਾੜ ਦਿੰਦੀ ਹੈ ਅਤੇ ਗਰਮੀ ਨਾਲ ਸੰਬੰਧਤ ਬਿਮਾਰੀਆਂ ਦਾ ਕਾਰਨ ਬਣਦਾ ਹੈ। ਉਨ੍ਹਾਂ ਕਿਹਾ ਕਿ ਨਵਜੰਮੇ ਅਤੇ ਛੋਟੇ ਬੱਚੇ, ਗਰਭਵਤੀ ਔਰਤਾਂ, 65 ਸਾਲ ਜਾਂ ਇਸ ਤੋਂ ਵਢੇਰੀ ਉਮਰ ਦੇ ਵਿਅਕਤੀ, ਮਜਦੂਰੀ ਕਰਨ ਵਾਲੇ ਅਤੇ ਉਹ ਲੋਕ ਜੋ ਸਰੀਰਕ ਤੌਰ ‘ਤੇ ਬਿਮਾਰ ਹਨ, ਖਾਸਕਰ ਦਿਲ ਦੀ ਬਿਮਾਰੀ ਜਾਂ ਹਾਈ ਬਲੱਡ ਪ੍ਰੈਸ਼ਰ ਤੋਂ ਪੀੜਤ ਹਨ ਉਨ੍ਹਾਂ ਨੂੰ ਹੀਟ ਵੇਵ ਦਾ ਵਧੇਰੇ ਜੋਖਮ ਹੁੰਦਾ ਹੈ। ਸਿਵਲ ਸਰਜਨ ਨੇ ਕਿਹਾ ਕਿ ਹੀਟ ਵੇਵ ਦੌਰਾਨ ਸਾਨੂੰ ਆਪਣੇ ਖਾਣ-ਪੀਣ ਵੱਲ ਵੀ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸਾਨੂੰ ਹਰੀਆਂ ਸਬਜੀਆਂ ਅਤੇ ਮੌਸਮੀ ਫ਼ਲ ਜਿਵੇਂ ਤਰਬੂਜ, ਖਰਬੂਜਾ, ਸੰਤਰਾ, ਅੰਗੂਰ ਆਦਿ ਦਾ ਸੇਵਨ ਕਰਨਾ ਚਾਹੀਦਾ ਹੈ ਕਿਉਂ ਜੋ ਇਨ੍ਹਾਂ ਵਿੱਚ ਪਾਣੀ ਦੀ ਮਾਤਰਾ ਵਧੇਰੇ ਹੁੰਦੀ ਹੈ।
ਡੱਬੀ
ਹੀਟ ਵੇਵ ਦੇ ਲੱਛਣ ਅਤੇ ਬਚਾਅ ਲਈ ਸਾਵਧਾਨੀਆਂ
ਡਾ. ਰਣਜੀਤ ਸਿੰਘ ਨੇ ਕਿਹਾ ਕਿ ਸਰੀਰ ਦਾ ਤਾਪਮਾਨ 40 ਡਿਗਰੀ ਤੋਂ ਵੱਧ ਹੋਣਾ, ਬਹੁਤ ਤੇਜ ਸਿਰ ਦਰਦ ਹੋਣਾ, ਬੇਚੈਨੀ, ਚੱਕਰ ਆਉਣਾ, ਮਾਸਪੇਸ਼ੀਆਂ ਦੀ ਕਮਜੋਰੀ, ਜੀਅ ਕੱਚਾ ਹੋਣਾ ਅਤੇ ਉਲਟੀ ਆਉਣਾ, ਦਿਲ ਦੀ ਧੜਕਨ ਤੇਜ ਹੋਣਾ ਆਦਿ ਗਰਮੀ ਦੀ ਲਹਿਰ (ਹੀਟ ਵੇਵ) ਦੇ ਲੱਛਣ ਹਨ। ਅਜਿਹੇ ਲੱਛਣ ਦਿਖਾਈ ਦੇਣ ‘ਤੇ ਪ੍ਰਭਾਵਿਤ ਵਿਅਕਤੀ ਨੂੰ ਤੁਰੰਤ ਨਜਦੀਕੀ ਸਿਹਤ ਸੰਸਥਾ ਤੋਂ ਜਾਂਚ ਕਰਵਾਉਣੀ ਚਾਹੀਦੀ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਸੰਭਵ ਹੋਵੇ ਤਾਂ ਬਾਹਰਲੇ ਕੰਮ ਦਿਨ ਦੇ ਠੰਡੇ ਸਮੇਂ ਯਾਨੀ ਸਵੇਰੇ ਅਤੇ ਸ਼ਾਮ ਨੂੰ ਹੀ ਕਰੋ। ਹਲਕੇ ਰੰਗ ਦੇ ਢਿੱਲੇ ਸੂਤੀ ਕੱਪੜੇ ਪਾਉਣ ਦੇ ਨਾਲ-ਨਾਲ ਧੁੱਪ ਤੋਂ ਬਚਾਅ ਲਈ ਛੱਤਰੀ, ਟੋਪੀ, ਤੋਲੀਏ ਆਦਿ ਦੀ ਵਰਤੋ ਕਰਨੀ ਚਾਹੀਦੀ ਹੈ ਅਤੇ ਨੰਗੇ ਪੈਰ ਧੁੱਪ ‘ਚ ਜਾਣ ਤੋਂ ਪਰਹੇਜ ਕਰਨਾ ਚਾਹੀਦਾ ਹੈ। ਇਸਦੇ ਨਾਲ ਹੀ ਜੇਕਰ ਧੁੱਪ ਵਿੱਚ ਬਾਹਰ ਜਾਣਾ ਜਿਆਦਾ ਜਰੂਰੀ ਹੋਵੇ ਤਾਂ ਪਾਣੀ ਨਾਲ ਲੈ ਕੇ ਜਰੂਰ ਜਾਓ। ਥੋੜ੍ਹੇ-ਥੋੜ੍ਹੇ ਵਕਫੇ ਬਾਅਦ ਪਾਣੀ ਜਰੂਰ ਪੀਓ। ਮਿਰਗੀ ਜਾਂ ਦਿਲ ਦੀ ਬਿਮਾਰੀ ਅਤੇ ਗੁਰਦੇ ਜਾਂ ਜਿਗਰ ਦੀ ਬਿਮਾਰੀ ਵਾਲੇ ਵਿਅਕਤੀ ਜੋ ਤਰਲ ਪਦਾਰਥਾਂ ਦੀ ਸੀਮਤ ਖੁਰਾਕ ‘ਤੇ ਹਨ, ਪਾਣੀ ਦਾ ਸੇਵਨ ਵਧਾਉਣ ਤੋਂ ਪਹਿਲਾਂ ਡਾਕਟਰੀ ਸਲਾਹ ਜਰੂਰ ਲੈਣ।