ਚੰਗੀ ਸਿਹਤ ਦਾ ਆਧਾਰ, ਪੋਸ਼ਟਿਕ ਅਤੇ ਸੰਤੁਲਿਤ ਆਹਾਰ: ਸਿਵਲ ਸਰਜਨ ਡਾ. ਗੁਰਮੀਤ ਲਾਲ

0
4

 

ਚੰਗੀ ਸਿਹਤ ਦਾ ਆਧਾਰ, ਪੋਸ਼ਟਿਕ ਅਤੇ ਸੰਤੁਲਿਤ ਆਹਾਰ: ਸਿਵਲ ਸਰਜਨ ਡਾ. ਗੁਰਮੀਤ ਲਾਲ
‐ “ਵਿਸ਼ਵ ਫੂਡ ਦਿਵਸ” ਮੌਕੇ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਆਪਣੇ ਖਾਣ-ਪਾਣ ਦਾ ਵਿਸ਼ੇਸ਼ ਧਿਆਨ ਰੱਖਣ ਦੀ ਅਪੀਲ

  • Google+
  • Google+

ਜਲੰਧਰ (16-10-2024): ਲੋਕਾਂ ਨੂੰ ਸੁਰੱਖਿਅਤ ਅਤੇ ਸਿਹਤਮੰਦ ਰੱਖਣ ਲਈ ਸਿਹਤ ਵਿਭਾਗ ਵਚਨਬੱਧ ਹੈ ਅਤੇ ਹਰ ਸਮੇਂ ਯਤਨਸ਼ੀਲ ਹੈ। “ਵਿਸ਼ਵ ਫੂਡ ਦਿਵਸ” ਮੌਕੇ ਸਿਵਲ ਸਰਜਨ ਡਾ. ਗੁਰਮੀਤ ਲਾਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਵਾਰ “ਵਿਸ਼ਵ ਫੂਡ ਦਿਵਸ” ਨੂੰ “Right to Food for a Better Life and a Better Future (ਇੱਕ ਬਿਹਤਰ ਜੀਵਨ ਅਤੇ ਬਿਹਤਰ ਭਵਿੱਖ ਲਈ ਭੋਜਨ ਦਾ ਅਧਿਕਾਰ)” ਥੀਮ ਤਹਿਤ ਮਨਾਇਆ ਜਾ ਰਿਹਾ ਹੈ। ਜਿਸਦਾ ਮਕਸਦ ਪੋਸ਼ਟਿਕ ਅਤੇ ਸਿਹਤਮੰਦ ਭੋਜਨ ਦੇ ਬੁਨਿਆਦੀ ਮਨੁੱਖੀ ਅਧਿਕਾਰ ਤੱਕ ਹਰ ਕਿਸੇ ਦੀ ਪਹੁੰਚ ਨੂੰ ਯਕੀਨੀ ਬਣਾਉਣਾ ਹੈ ਅਤੇ ਸਿਹਤਮੰਦ ਰਹਿਣ ਅਤੇ ਸਿਹਤਮੰਦ ਜੀਵਨਸ਼ੈਲੀ ਦੇ ਮਹੱਤਵ ਨੂੰ ਸਮਝਣ ਲਈ ਪ੍ਰੇਰਿਤ ਕਰਨਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਚੰਗੀ ਸਿਹਤ ਲਈ ਪੋਸ਼ਟਿਕ ਅਤੇ ਸੰਤੁਲਿਤ ਆਹਾਰ ਦਾ ਸੇਵਨ ਕਰਨਾ ਚਾਹੀਦਾ ਹੈ, ਜੰਕ ਫੂਡ ਤੋਂ ਪਰਹੇਜ਼ ਕਰਨਾ ਚਾਹੀਦਾ ਹੈ ਅਤੇ ਇਸਦੇ ਨਾਲ ਹੀ ਰੋਜਾਨਾ ਕੁੱਝ ਸਮਾਂ ਸਵੇਰ ਦੀ ਸੈਰ ਅਤੇ ਕਸਰਤ ਲਈ ਨਿਰਧਾਰਤ ਕਰਨਾ ਚਾਹੀਦਾ ਹੈ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਮੌਸਮੀ ਬਿਮਾਰੀਆਂ ਦੇ ਨਾਲ-ਨਾਲ ਡੇਂਗੂ, ਮਲੇਰੀਆ ਅਤੇ ਸਰੀਰ ਦੀ ਸਾਫ-ਸਫਾਈ ਆਦਿ ਸੰਬੰਧੀ ਸਚੇਤ ਰਹਿਣ ਲਈ ਕਿਹਾ ਗਿਆ।

  • Google+
  • Google+

ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਰਮਨ ਗੁਪਤਾ ਵੱਲੋਂ ਦੱਸਿਆ ਗਿਆ ਕਿ ਗਰਭਵਤੀ ਔਰਤਾਂ ਵਿਸ਼ੇਸ਼ਕਰ ਹਾਈ ਰਿਸਕ ਗਰਭਵਤੀ ਔਰਤਾਂ ਨੂੰ ਆਪਣੀ ਖੁਰਾਕ ਦਾ ਵਿਸ਼ੇਸ਼ ਧਿਆਨ ਰੱਖਣਾ ਚਾਹੀਦਾ ਹੈ। ਸਹੀ ਪੋਸ਼ਣ ਸਿਹਤਮੰਦ ਸ਼ਰੀਰ, ਸਿਹਤਮੰਦ ਦਿਮਾਗ ਅਤੇ ਸਿਹਤਮੰਦ ਜੀਵਨ ਸ਼ੈਲੀ ਦਾ ਆਧਾਰ ਹੈ। ਪੌਸ਼ਟਿਕ ਤੱਤਾਂ ਜਿਵੇਂ ਆਇਓਡੀਨ ਯੁਕਤ ਨਮਕ, ਵਿਟਾਮਿਨ, ਪ੍ਰੋਟੀਨ, ਕਾਰਬੋਹਾਈਡਰੇਟ, ਚਰਬੀ, ਖਣਿਜ ਅਤੇ ਫਾਈਬਰ ਆਦਿ ਦਾ ਸਾਡੀ ਰੋਜ਼ਾਨਾ ਖੁਰਾਕ ਵਿੱਚ ਬਹੁਤ ਯੋਗਦਾਨ ਹੁੰਦਾ ਹੈ। ਵਿਸ਼ੇਸ਼ ਤੌਰ ‘ਤੇ ਗਰਭਵਤੀ ਮਾਂਵਾਂ ਨੂੰ ਹਰੀਆਂ ਸਬਜੀਆਂ, ਫਲ, ਦਾਲਾਂ, ਦੁੱਧ, ਦਹੀ ਆਦਿ ਦੀ ਵਰਤੋਂ ਕਰਨੀ ਚਾਹੀਦੀ ਹੈ। ਪੌਸ਼ਟਿਕ ਭੋਜਨ ਦੇ ਨਾਲ-ਨਾਲ ਸਾਨੂੰ ਆਪਣੇ ਆਲੇ-ਦੁਆਲੇ ਅਤੇ ਨਿੱਜੀ ਸਫਾਈ ਦਾ ਧਿਆਨ ਵੀ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਗਰਭਵਤੀ ਔਰਤਾਂ ਨੂੰ ਸਰਦੀ ਰੁੱਤ ਨੂੰ ਦੇਖਦੇ ਹੋਏ ਆਪਣਾ ਵਿਸ਼ੇਸ਼ ਧਿਆਨ ਰੱਖਣਾ ਚਾਹੀਦਾ ਹੈ ਅਤੇ ਆਪਣੇ ਖਾਣ- ਪੀਣ ਦਾ ਧਿਆਨ ਰੱਖਦੇ ਹੋਏ ਪੋਸ਼ਟਿਕ ਆਹਾਰ ਦਾ ਸੇਵਨ ਕਰਨਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਅਭਿਆਨ ਦੇ ਤਹਿਤ ਹਰਕੇ ਮਹੀਨੇ ਦੀ 09 ਅਤੇ 23 ਤਰੀਖ ਨੂੰ ਵਿਸ਼ੇਸ਼ ਕੈਂਪ ਲਗਾ ਕੇ ਗਰਭਵਤੀ ਔਰਤਾਂ ਦੀ ਸਿਹਤ ਜਾਂਚ ਕੀਤੀ ਜਾਂਦੀ ਹੈ ਅਤੇ ਉਨ੍ਹਾਂ ਨੂੰ ਸੰਤੁਲਿਤ ਅਤੇ ਪੋਸ਼ਟਿਕ ਆਹਾਰ ਦਾ ਸੇਵਨ ਕਰਨ ਪ੍ਰਤੀ ਜਾਗਰੂਕ ਕੀਤਾ ਜਾਂਦਾ ਹੈ।

ਜਿਲ੍ਹਾ ਟੀਕਾਕਰਨ ਅਫ਼ਸਰ ਡਾ. ਰਾਕੇਸ਼ ਚੋਪੜਾ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਨਵਜਨਮੇ ਬੱਚੇ ਨੂੰ ਜਨਮ ਦੇ ਇਕ ਘੰਟੇ ਵਿੱਚ ਮਾਂ ਦਾ ਦੁੱਧ ਪਿਲਾਇਆ ਜਾਵੇ, ਪਹਿਲੇ 6 ਮਹੀਨੇ ਤੱਕ ਮਾਂ ਦਾ ਦੁੱਧ ਹੀ ਬੱਚੇ ਲਈ ਪੋਸ਼ਟਿਕ ਆਹਾਰ ਹੈ। ਦਸਤ ਅਤੇ ਹੋਰ ਕਈ ਬਿਮਾਰੀਆਂ ਤੋਂ ਬਚਾਓ ਲਈ ਜ਼ਰੂਰੀ ਹੈ ਕਿ ਬਾਹਰਲੇ ਖਾਣੇ ਤੋਂ ਪਰਹੇਜ਼ ਕੀਤਾ ਜਾਵੇ ਅਤੇ ਘਰ ਵਿੱਚ ਤਿਆਰ ਕੀਤੇ ਭੋਜਨ ਨੂੰ ਤਰਜੀਹ ਦਿੱਤੀ ਜਾਵੇ। ਇਸਦੇ ਨਾਲ ਹੀ ਹੱਥਾਂ ਦੀ ਸਾਫ਼-ਸਫਾਈ ਨੂੰ ਯਕੀਨੀ ਬਣਾਇਆ ਜਾਵੇ, ਖਾਣਾ ਹੱਥ ਚੰਗੀ ਤਰ੍ਹਾਂ ਧੋਣ ਤੋਂ ਬਾਅਦ ਹੀ ਪਕਾਇਆ ਤੇ ਖਾਇਆ ਜਾਵੇ। ਉਨ੍ਹਾਂ ਕਿਹਾ ਕਿ ਡਾਇਰੀਆ ਅਤੇ ਕਈ ਹੋਰ ਬਿਮਾਰੀਆਂ ਦੀ ਰੋਕਥਾਮ ਵੀ ਖਾਣ-ਪੀਣ ਠੀਕ ਰੱਖਣ ਤੇ ਸਾਫ਼ ਸਫ਼ਾਈ ਦਾ ਵਧੇਰੇ ਧਿਆਨ ਰੱਖਣ ਨਾਲ ਕੀਤੀ’ ਜਾ ਸਕਦੀ ਹੈ।

ਜਿਲ੍ਹਾ ਬੀ.ਸੀ.ਸੀ. ਕੋਆਰਡੀਨੇਟਰ ਨੀਰਜ ਸ਼ਰਮਾ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਸਮੇਂ ਸਮੇਂ ‘ਤੇ ਜਾਗਰੂਕਤਾ ਗਤੀਵਿਧੀਆਂ ਰਾਹੀਂ ਲੋਕਾਂ ਨੂੰ ਆਪਣੇ ਖਾਣ-ਪਾਣ ਪ੍ਰਤੀ ਜਾਗਰੂਕ ਕੀਤਾ ਜਾਂਦਾ ਹੈ। ਉਨ੍ਹਾਂ ਵੱਲੋਂ ਲੋਕਾਂ ਨੂੰ ਆਪਣੇ ਖਾਣ-ਪੀਣ ਪ੍ਰਤੀ ਜਾਗਰੂਕ ਰਹਿਣ ਦੇ ਨਾਲ-ਨਾਲ ਸਿਹਤ ਵਿਭਾਗ ਦੇ ਅਧਿਕਾਰੀਆਂ ਵੱਲੋਂ ਦਿੱਤੀ ਗਈ ਜਾਣਕਾਰੀ ਨੂੰ ਆਪਣੇ ਦੋਸਤ-ਮਿੱਤਰਾਂ ਅਤੇ ਪਰਿਵਾਰਕ ਮੈਂਬਰਾਂ ਅਤੇ ਵੱਧ ਤੋਂ ਵੱਧ ਲੋਕਾਂ ਨਾਲ ਸਾਂਝਾ ਕਰਨ ਲਈ ਕਿਹਾ ਗਿਆ ਤਾਂ ਜੋ ਤੰਦਰੁਸਤ ਅਤੇ ਸਿਹਤਮੰਦ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ।

LEAVE A REPLY