ਪ੍ਰਧਾਨ ਮੰਤਰੀ ਨੂੰ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਕਰਨ ਦੀ ਅਪੀਲ ਕੀਤੀ
ਹੁਸ਼ਿਆਰਪੁਰ 23 ਦਸੰਬਰ (ਤਰਸੇਮ ਦੀਵਾਨਾ ) ਕਿਸਾਨ ਦਿਵਸ ਮੌਕੇ ਹੁਸ਼ਿਆਰਪੁਰ ਦੇ ਸੰਸਦ ਮੈਂਬਰ ਡਾ: ਰਾਜ ਕੁਮਾਰ ਚੱਬੇਵਾਲ ਨੇ ਦੇਸ਼ ਭਰ ਦੇ ਕਿਸਾਨਾਂ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਸਾਨਾਂ ਨੂੰ ਦੇਸ਼ ਦਾ ਅੰਨਦਾਤਾ ਦੱਸਦਿਆਂ ਕਿਹਾ ਕਿ ਉਨ੍ਹਾਂ ਦਾ ਯੋਗਦਾਨ ਹੀ ਦੇਸ਼ ਦੀ ਖੁਸ਼ਹਾਲੀ ਅਤੇ ਵਿਕਾਸ ਦਾ ਆਧਾਰ ਹੈ। ਉਨ੍ਹਾਂ ਕਿਹਾ ਕਿ ਅਸੀਂ ਭਾਵੇਂ ਸ਼ਹਿਰਾਂ ਵਿੱਚ ਕਿੰਨੀ ਵੀ ਤਰੱਕੀ ਕਰ ਲਈਏ, ਫਿਰ ਵੀ ਜੀਵਨ ਦੀ ਸਭ ਤੋਂ ਮੁੱਢਲੀ ਲੋੜ, ਭੋਜਨ ਲਈ ਅਸੀਂ ਆਪਣੇ ਪਿੰਡਾਂ ਦੇ ਕਿਸਾਨਾਂ ‘ਤੇ ਨਿਰਭਰ ਰਹਾਂਗੇ।
ਉਨ੍ਹਾਂ ਕਿਸਾਨਾਂ ਦੀ ਮਿਹਨਤ ਨੂੰ ਸਲਾਮ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਹੁਣ ਹੋਰ ਸ਼ਹਾਦਤਾਂ ਲਏ ਬਿਨਾ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਤੁਰੰਤ ਪੂਰੀਆਂ ਕਰਨ। ਡਾ: ਰਾਜ ਨੇ ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਲਾਗੂ ਕਰਨ ‘ਤੇ ਵੀ ਜ਼ੋਰ ਦਿੱਤਾ | ਉਨ੍ਹਾਂ ਕਿਹਾ ਕਿ ਸਵਾਮੀਨਾਥਨ ਰਿਪੋਰਟ ਨੂੰ ਪੂਰੀ ਤਰ੍ਹਾਂ ਲਾਗੂ ਕਰਕੇ ਕਿਸਾਨਾਂ ਨੂੰ ਉਨ੍ਹਾਂ ਦਾ ਹੱਕ ਦਿੱਤਾ ਜਾਵੇ।
ਉਨ੍ਹਾਂ ਪੰਜਾਬ ਅਤੇ ਹਰਿਆਣਾ ਵਿੱਚ ਚੱਲ ਰਹੇ ਕਿਸਾਨ ਅੰਦੋਲਨਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਕਿਸਾਨ ਪਿਛਲੇ ਕਈ ਸਾਲਾਂ ਤੋਂ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੇ ਹਨ, ਪਰ ਸਰਕਾਰ ਦੀ ਬੇਰੁਖ਼ੀ ਬਰਦਾਸ਼ਤ ਕਰਨ ਯੋਗ ਨਹੀਂ ਹੈ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਭੁੱਖ ਹੜਤਾਲ ਦਾ ਵੀ ਕੇਂਦਰ ਸਰਕਾਰ ‘ਤੇ ਕੋਈ ਅਸਰ ਨਹੀਂ ਹੋ ਰਿਹਾ । ਉਹਨਾਂ ਦੀ ਵਿਗੜਦੀ ਸਿਹਤ ’ਤੇ ਚਿੰਤਾ ਪ੍ਰਗਟ ਕਰਦਿਆਂ ਡਾ ਰਾਜ ਨੇ ਕਿਹਾ ਕਿ ਸਰਕਾਰ ਨੂੰ ਇਸ ਅੰਦੋਲਨ ਦੀ ਡੂੰਘਾਈ ਨੂੰ ਸਮਝਣਾ ਚਾਹੀਦਾ ਹੈ ਅਤੇ ਤੁਰੰਤ ਹੱਲ ਕੱਢਣਾ ਚਾਹੀਦਾ ਹੈ। ਉਨ੍ਹਾਂ ਕਿਸਾਨਾਂ ਨਾਲ ਇਕਮੁੱਠਤਾ ਦਾ ਪ੍ਰਗਟਾਵਾ ਕਰਦਿਆਂ ਭਰੋਸਾ ਦਿੱਤਾ ਕਿ ਉਹ ਹਰ ਕਦਮ ‘ਤੇ ਉਨ੍ਹਾਂ ਦੇ ਨਾਲ ਖੜ੍ਹੇ ਰਹਿਣਗੇ।