ਸਹਿ-ਦੋਸ਼ੀ ਐਸ.ਐਚ.ਓ. ਗ੍ਰਿਫਤਾਰੀ ਤੋਂ ਬਚਦਾ ਹੋਇਆ ਮੌਕੇ ਤੋਂ ਫ਼ਰਾਰ
ਚੰਡੀਗੜ੍ਹ 22 ਜਨਵਰੀ (ਕਪੂਰ)- ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਚਲਾਈ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਤਹਿਤ ਹੁਸ਼ਿਆਰਪੁਰ ਜ਼ਿਲ੍ਹੇ ਦੇ ਪੁਲਿਸ ਥਾਣਾ ਗੜ੍ਹਸ਼ੰਕਰ ਵਿੱਚ ਤਾਇਨਾਤ ਸਿਪਾਹੀ ਕਿੰਦਰ ਸਿੰਘ ਨੂੰ 30000 ਰੁਪਏ ਰਿਸ਼ਵਤ ਲੈੰਦਿਆਂ ਗ੍ਰਿਫ਼ਤਾਰ ਕੀਤਾ ਹੈ। ਇਸ ਕੇਸ ਵਿੱਚ ਸਹਿ-ਦੋਸ਼ੀ ਐਸ.ਐਚ.ਓ. ਬਲਜਿੰਦਰ ਸਿੰਘ ਮੱਲ੍ਹੀ ਗ੍ਰਿਫ਼ਤਾਰੀ ਤੋਂ ਬਚ ਕੇ ਮੌਕੇ ਤੋਂ ਫਰਾਰ ਹੋ ਗਿਆ।
ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਜ਼ਿਲ੍ਹਾ ਰੂਪਨਗਰ ਦੇ ਨੰਗਲ ਸਬ-ਡਵੀਜ਼ਨ ਦੀ ਵਸਨੀਕ ਹਰਦੀਪ ਕੌਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ ’ਤੇ ਉਕਤ ਪੁਲਿਸ ਮੁਲਾਜ਼ਮ ਵਿਰੁੱਧ ਇਹ ਕੇਸ ਦਰਜ ਕੀਤਾ ਗਿਆ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਸ਼ਿਕਾਇਤ ਕੀਤੀ ਕਿ ਉਕਤ ਮੁਲਜ਼ਮ ਨੇ ਐਸ.ਐਚ.ਓ. ਇੰਸਪੈਕਟਰ ਬਲਜਿੰਦਰ ਸਿੰਘ ਮੱਲ੍ਹੀ ਦੇ ਨਾਂ ’ਤੇ, ਉਸ (ਹਰਦੀਪ ਕੌਰ) ਦੇ ਭਰਾ ਨੂੰ ਨਸ਼ੀਲੇ ਪਦਾਰਥਾਂ ਦੇ ਕੇਸ ਵਿੱਚ ਸ਼ਾਮਲ ਨਾ ਕਰਨ ਲਈ ਇੱਕ ਲੱਖ ਰੁਪਏ ਦੀ ਮੰਗ ਕੀਤੀ ਸੀ ਜਿਸਨੂੰ ਪੁਲਿਸ ਨੇ ਇੱਕ ਝਗੜੇ ਦੇ ਸਬੰਧ ਵਿੱਚ ਹੋਰਨਾਂ ਨਾਲ ਗ੍ਰਿਫ਼ਤਾਰ ਕੀਤਾ ਹੈ। ਇਸ ਮਾਮਲੇ ਵਿੱਚ ਸੌਦਾ 50000 ਰੁਪਏ ਵਿੱਚ ਤੈਅ ਹੋ ਗਿਆ।
ਬੁਲਾਰੇ ਨੇ ਕਿਹਾ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਹੁਸ਼ਿਆਰਪੁਰ ਯੂਨਿਟ ਤੋਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 30000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਕਾਰਵਾਈ ਦੌਰਾਨ ਐਸ.ਐਚ.ਓ. ਬਲਜਿੰਦਰ ਸਿੰਘ ਮੱਲ੍ਹੀ ਗ੍ਰਿਫ਼ਤਾਰੀ ਤੋਂ ਬਚ ਕੇ ਮੌਕੇ ਤੋਂ ਫਰਾਰ ਹੋ ਗਿਆ। ਇਸ ਸਬੰਧ ਵਿੱਚ ਦੋਹਾਂ ਮੁਲਜ਼ਮਾਂ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।