
– ਅਧਿਕਾਰੀਆਂ ਨਾਲ ਸ਼ੋਭਾ ਯਾਤਰਾ ਦੇ ਮਾਰਗਾਂ ਦਾ ਕੀਤਾ ਦੌਰਾ
ਜਲੰਧਰ 10 ਫਰਵਰੀ (ਜਸਵਿੰਦਰ ਸਿੰਘ ਆਜ਼ਾਦ)- ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ 12 ਫਰਵਰੀ ਨੂੰ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਅਤੇ ਇਸ ਤੋਂ ਇਕ ਦਿਨ ਪਹਿਲਾਂ 11 ਫਰਵਰੀ ਨੂੰ ਸਜਾਈ ਜਾਣ ਵਾਲੀ ਸ਼ੋਭਾ ਯਾਤਰਾ ਦੇ ਮਾਰਗਾਂ ਦਾ ਦੌਰਾ ਕੀਤਾ।
ਡਿਪਟੀ ਕਮਿਸ਼ਨਰ ਨੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜਸਬੀਰ ਸਿੰਘ, ਜੁਆਇੰਟ ਪੁਲਿਸ ਕਮਿਸ਼ਨਰ ਸੰਦੀਪ ਕੁਮਾਰ ਸ਼ਰਮਾ, ਜੁਆਇੰਟ ਕਮਿਸ਼ਨਰ ਨਗਰ ਨਿਗਮ ਮਨਦੀਪ ਕੌਰ ਸਮੇਤ ਸ਼ੋਭਾ ਯਾਤਰਾ ਵਾਲੇ ਰੂਟ ਦਾ ਦੌਰਾ ਕੀਤਾ ਅਤੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ।
ਸ਼ੋਭਾ ਯਾਤਰਾ ਦੇ ਮਾਰਗ ’ਤੇ ਸਾਫ਼-ਸਫਾਈ ਦਾ ਜਾਇਜ਼ਾ ਲੈਂਦਿਆਂ ਡਾ. ਅਗਰਵਾਲ ਨੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਕਿਹਾ ਕਿ ਸ਼ੋਭਾ ਯਾਤਰਾ ਵਿੱਚ ਵੱਡੀ ਗਿਣਤੀ ਸ਼ਰਧਾਲੂਆਂ ਦੇ ਸ਼ਾਮਲ ਹੋਣ ਦੇ ਮੱਦੇਨਜ਼ਰ ਸਾਫ਼-ਸਫਾਈ ਦੇ ਨਾਲ-ਨਾਲ ਪੀਣ ਵਾਲੇ ਪਾਣੀ ਦੀ ਲੋੜੀਂਦੀ ਵਿਵਸਥਾ, ਮੋਬਾਇਲ ਟਾਇਲਟਸ ਆਦਿ ਦੇ ਢੁੱਕਵੇਂ ਪ੍ਰਬੰਧ ਯਕੀਨੀ ਬਣਾਏ ਜਾਣ। ਇਸ ਦੌਰਾਨ ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਨਾਲ-ਨਾਲ ਸ਼ੋਭਾ ਯਾਤਰਾ ਦੌਰਾਨ ਮਹਿਲਾ ਪੁਲਿਸ ਦੀ ਤਾਇਨਾਤੀ, ਢੁੱਕਵੀਂ ਬੈਰੀਕੇਡਿੰਗ ਅਤੇ ਟ੍ਰੈਫਿਕ ਨੂੰ ਸੁਚਾਰੂ ਢੰਗ ਨਾਲ ਜਾਰੀ ਰੱਖਣ ਲਈ ਲੋੜੀਂਦੇ ਇੰਤਜ਼ਾਮ ਕਰਨ ਲਈ ਵੀ ਕਿਹਾ।
ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚੋਂ ਗੁਜ਼ਰਨ ਵਾਲੀ ਸ਼ੋਭਾ ਯਾਤਰਾ ਵਿੱਚ ਸ਼ਾਮਲ ਹੋਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਲਈ ਪ੍ਰਬੰਧਾਂ ਪੱਖੋਂ ਕੋਈ ਕਮੀ ਨਹੀਂ ਰਹਿਣੀ ਚਾਹੀਦੀ। ਉਨ੍ਹਾਂ ਦੱਸਿਆ ਕਿ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਦੀ ਸਹੂਲਤ ਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਜ਼ਿਲ੍ਹੇ ਦੀ ਹੱਦ ’ਚ ਆਉਂਦੇ ਸਾਰੇ ਸਰਕਾਰੀ/ਗੈਰ ਸਰਕਾਰੀ ਸਕੂਲਾਂ/ਕਾਲਜਾਂ ਵਿੱਚ 11 ਫਰਵਰੀ ਨੂੰ ਪਹਿਲਾਂ ਹੀ ਛੁੱਟੀ ਦਾ ਐਲਾਨ ਕੀਤਾ ਜਾ ਚੁੱਕਾ ਹੈ।
ਇਸ ਤੋਂ ਬਾਅਦ ਡਿਪਟੀ ਕਮਿਸ਼ਨਰ ਨੇ ਰਾਜ ਪੱਧਰੀ ਸਮਾਗਮ ਸਬੰਧੀ ਸ੍ਰੀ ਗੁਰੂ ਰਵਿਦਾਸ ਧਾਮ ਵਿਖੇ ਚੇਅਰਮੈਨ ਸ੍ਰੀ ਗੁਰੂ ਰਵਿਦਾਸ ਚੈਰੀਟੇਬਲ ਟਰੱਸਟ ਸਤਪਾਲ ਸੇਠ ਦੀ ਅਗਵਾਈ ਵਿੱਚ ਪ੍ਰਬੰਧਕਾਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦੱਸਿਆ ਕਿ ਸੂਬਾ ਸਰਕਾਰ ਵੱਲੋਂ 12 ਫਰਵਰੀ ਨੂੰ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਤਿਆਰੀਆਂ ਜੰਗੀ ਪੱਧਰ ’ਤੇ ਜਾਰੀ ਹਨ। ਉਨ੍ਹਾਂ ਕਿਹਾ ਕਿ ਵੱਡੀ ਗਿਣਤੀ ਸ਼ਰਧਾਲੂਆਂ ਦੀ ਆਮਦ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮੁੱਚੇ ਲੋੜੀਂਦੇ ਇੰਤਜ਼ਾਮ ਯਕੀਨੀ ਬਣਾਏ ਜਾ ਰਹੇ ਹਨ, ਤਾਂ ਜੋ ਸੰਗਤ ਨੂੰ ਕੋਈ ਅਸੁਵਿਧਾ ਨਾ ਹੋਵੇ। ਉਨ੍ਹਾਂ ਕਿਹਾ ਕਿ ਪ੍ਰਕਾਸ਼ ਪੁਰਬ ਸਮਾਗਮ ਵਿੱਚ ਸ਼ਾਮਲ ਹੋਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਲਈ ਪ੍ਰਸ਼ਾਸਨ ਕੋਈ ਕਸਰ ਨਹੀਂ ਛੱਡੇਗਾ, ਜਿਸ ਦੇ ਲਈ ਅਧਿਕਾਰੀਆਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ।
ਇਸ ਮੌਕੇ ਐਸ.ਡੀ.ਐਮ. ਬਲਬੀਰ ਰਾਜ ਸਿੰਘ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।