
– ਅਮਨ ਅਰੋੜਾ ਨੇ ਪੁਲਿਸ ਨੂੰ ਨਸ਼ਾ ਤਸਕਰਾਂ ਖਿਲਾਫ਼ ਸਖ਼ਤ ਕਾਰਵਾਈ ਤੇ ਸਟ੍ਰੀਟ ਲੈਵਲ ’ਤੇ ਸਪਲਾਈ ਚੇਨ ਤੋੜਨ ਦੇ ਦਿੱਤੇ ਆਦੇਸ਼
– ਨਸ਼ਿਆਂ ਤੋਂ ਪ੍ਰਭਾਵਿਤ ਨੌਜਵਾਨਾਂ ਦੇ ਮੁੜ ਵਸੇਬੇ ਲਈ ਠੋਸ ਉਪਰਾਲੇ ਕਰਨ ਦੇ ਵੀ ਨਿਰਦੇਸ਼
– ਪੰਜਾਬ ਸਰਕਾਰ ਸਰਹੱਦ ਪਾਰੋਂ ਨਸ਼ਿਆਂ ਤੇ ਹਥਿਆਰਾਂ ਦੀ ਤਸਕਰੀ ਨੂੰ ਰੋਕਣ ਲਈ ਅਤਿ-ਆਧੁਨਿਕ ਐਂਟੀ-ਡਰੋਨ ਤਕਨੀਕ ਲਾਗੂ ਕਰੇਗੀ
– ਜ਼ਿਲ੍ਹੇ ’ਚ ਨਸ਼ਿਆਂ ਦੇ ਖਾਤਮੇ ਲਈ ਕੀਤੇ ਗਏ ਉਪਰਾਲਿਆਂ ਦੀ ਕੀਤੀ ਸਮੀਖਿਆ
ਜਲੰਧਰ 6 ਮਾਰਚ (ਜਸਵਿੰਦਰ ਸਿੰਘ ਆਜ਼ਾਦ)- ਜਲੰਧਰ ਨੂੰ ਨਸ਼ਾ ਮੁਕਤ ਜ਼ਿਲ੍ਹਾ ਬਣਾਉਣ ਦੇ ਉਦੇਸ਼ ਨਾਲ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੂਬਾ ਪ੍ਰਧਾਨ ਸ਼੍ਰੀ ਅਮਨ ਅਰੋੜਾ ਨੇ ਵੀਰਵਾਰ ਨੂੰ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ‘ ਤਹਿਤ ਫੂਲਪਰੂਫ ਰੋਡਮੈਪ ਤਿਆਰ ਕੀਤਾ। ਉਨ੍ਹਾਂ ਜ਼ਿਲ੍ਹਾ ਪੁਲਿਸ ਨੂੰ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਦੇ ਹੁਕਮ ਦਿੱਤੇ ਅਤੇ ਕਿਹਾ ਕਿ ਨਸ਼ਿਆਂ ਦੇ ਧੰਦੇ ’ਚ ਸ਼ਾਮਲ ਪਾਏ ਜਾਣ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਣਾ ਚਾਹੀਦਾ ਭਾਵੇਂ ਉਹ ਕਿਸੇ ਵੀ ਅਹੁਦੇ ਅਤੇ ਸਿਆਸੀ ਰਸੂਖ ਵਾਲਾ ਕਿਉਂ ਨਾ ਹੋਵੇ।
ਨਸ਼ਿਆਂ ਦੇ ਖਾਤਮੇ ਲਈ ਬਣਾਈ ਗਈ 5 ਮੈਂਬਰੀ ਕੈਬਨਿਟ ਸਬ ਕਮੇਟੀ ਦੇ ਮੈਂਬਰ ਸ਼੍ਰੀ ਅਮਨ ਅਰੋੜਾ ਨੇ ਜਲੰਧਰ ਜ਼ਿਲ੍ਹੇ ਦੇ ਸਿਵਲ ਅਤੇ ਪੁਲਿਸ ਅਧਿਕਾਰੀਆਂ ਵੱਲੋਂ ਜ਼ਿਲ੍ਹੇ ਵਿੱਚੋਂ ਨਸ਼ਿਆਂ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਲਈ ਚੁੱਕੇ ਗਏ ਕਦਮਾਂ ਅਤੇ ਕਾਰਵਾਈਆਂ ਦਾ ਜਾਇਜ਼ਾ ਲਿਆ।
ਨਸ਼ਿਆਂ ਦੀ ਤਸਕਰੀ ਵਿਰੁੱਧ ਕੀਤੀਆਂ ਗਈਆਂ ਕਾਰਵਾਈਆਂ ਦੀ ਬਾਰੀਕੀ ਨਾਲ ਸਮੀਖਿਆ ਕੀਤੀ
ਸ਼੍ਰੀ ਅਮਨ ਅਰੋੜਾ ਨੇ ਪੰਜਾਬ ਦੇ ਬਾਗਬਾਨੀ ਮੰਤਰੀ ਮਹਿੰਦਰ ਭਗਤ, ਵਿਧਾਇਕ ਰਮਨ ਅਰੋੜਾ, ਬਲਕਾਰ ਸਿੰਘ ਅਤੇ ਇੰਦਰਜੀਤ ਕੌਰ ਮਾਨ ਸਮੇਤ ਨਸ਼ਿਆਂ ਦੀ ਤਸਕਰੀ ਵਿਰੁੱਧ ਕੀਤੀਆਂ ਗਈਆਂ ਕਾਰਵਾਈਆਂ ਦੀ ਬਾਰੀਕੀ ਨਾਲ ਸਮੀਖਿਆ ਕੀਤੀ। ਇਸ ਮੌਕੇ ਡੀ.ਆਈ.ਜੀ. ਨਵੀਨ ਸਿੰਗਲਾ, ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਐਸ.ਐਸ.ਪੀ. ਗੁਰਮੀਤ ਸਿੰਘ ਵੀ ਹਾਜ਼ਰ ਸਨ।
ਪੁਲਿਸ ਕਮਿਸ਼ਨਰ ਜਲੰਧਰ ਧਨਪ੍ਰੀਤ ਕੌਰ ਨੇ ਸ਼੍ਰੀ ਅਰੋੜਾ ਨੂੰ ਦੱਸਿਆ ਕਿ ਜਲੰਧਰ ਪੁਲਿਸ ਵੱਲੋਂ ਪਿਛਲੇ ਇੱਕ ਸਾਲ ਦੌਰਾਨ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਅਤੇ ਗ੍ਰਿਫਤਾਰੀਆਂ ਕੀਤੀਆਂ ਗਈਆਂ ਹਨ। ਕਮਿਸ਼ਨਰੇਟ ਪੁਲਿਸ ਨੇ 207 ਕੇਸ ਦਰਜ ਕੀਤੇ ਹਨ ਅਤੇ 431 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਦਕਿ ਜਲੰਧਰ ਦਿਹਾਤੀ ਪੁਲਿਸ ਵੱਲੋਂ 589 ਅਪਰਾਧੀਆਂ ਨੂੰ ਵੱਡੀ ਮਾਤਰਾ ਵਿੱਚ ਬਰਾਮਦਗੀ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ 372 ਕੇਸ ਦਰਜ ਕੀਤੇ ਗਏ ਹਨ।
ਸ਼੍ਰੀ ਅਮਨ ਅਰੋੜਾ ਨੇ ਪੁਲਿਸ ਨੂੰ ਸਟ੍ਰੀਟ ਲੈਵਲ ਨਸ਼ਾ ਸਪਲਾਈ ਚੇਨ ਤੋੜਨ ਦੀ ਹਦਾਇਤ ਕਰਦਿਆਂ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਬਹੁ-ਪੱਖੀ ਰਣਨੀਤੀ ‘ਤੇ ਜ਼ੋਰ ਦਿੱਤਾ। ਉਨ੍ਹਾਂ ਨਸ਼ਿਆਂ ਦੀ ਅਲਾਮਤ ਖਿਲਾਫ਼ ਕਾਰਗਰ ਸਿਸਟਮ ਬਣਾਉਣ ਲਈ ਸਾਰੇ ਵਿਭਾਗਾਂ ਵਿੱਚ ਤਾਲਮੇਲ ਅਤੇ ਸਮੂਹਿਕ ਯਤਨਾਂ ਦੀ ਮਹੱਤਤਾ ‘ਤੇ ਜ਼ੋਰ ਦਿੱਤਾ।
ਪੁਲਿਸ ਨੂੰ ਨਸ਼ੇ ਦੇ ਨੈੱਟਵਰਕ ਖਿਲਾਫ਼ ਕਾਰਵਾਈ ਕਰਨ ਲਈ ਖੁੱਲ੍ਹੀ ਛੂਟ ਦਿੱਤੀ ਗਈ ਹੈ
ਉਨ੍ਹਾਂ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਆਦਤਨ ਅਪਰਾਧੀਆਂ ‘ਤੇ ਧਿਆਨ ਕੇਂਦਰਿਤ ਕਰਨ ਦੇ ਨਾਲ-ਨਾਲ ਨਸ਼ੇ ਪੱਖੋਂ ਸੰਵੇਦਨਸ਼ੀਲ ਥਾਵਾਂ ’ਤੇ ਤਲਾਸ਼ੀ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਅਤੇ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਦੀ ਸ਼ਨਾਖਤ ਤੇ ਜ਼ਬਤ ਕਰਨ ਦੇ ਵੀ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਕਿਹਾ ਕਿ ਪੁਲਿਸ ਨੂੰ ਨਸ਼ੇ ਦੇ ਨੈੱਟਵਰਕ ਖਿਲਾਫ਼ ਕਾਰਵਾਈ ਕਰਨ ਲਈ ਖੁੱਲ੍ਹੀ ਛੂਟ ਦਿੱਤੀ ਗਈ ਹੈ ਅਤੇ ਕਿਸੇ ਵੀ ਅਪਰਾਧੀ ਨੂੰ ਬਖਸ਼ਿਆ ਨਹੀਂ ਜਾਵੇਗਾ।
ਕੈਬਨਿਟ ਮੰਤਰੀ ਨੇ ਸਖ਼ਤ ਕਾਨੂੰਨੀ ਕਾਰਵਾਈ ਦੇ ਨਾਲ-ਨਾਲ ਨਸ਼ਿਆਂ ਤੋਂ ਪ੍ਰਭਾਵਿਤ ਨੌਜਵਾਨਾਂ ਦੇ ਮੁੜ ਵਸੇਬੇ ਦੀ ਮਹੱਤਤਾ ‘ਤੇ ਵੀ ਚਾਨਣਾ ਪਾਇਆ। ਉਨ੍ਹਾਂ ਸਿਹਤ ਵਿਭਾਗ ਨੂੰ ਨਸ਼ਿਆਂ ਵਿਰੁੱਧ ਚੱਲ ਰਹੀ ਜੰਗ ਦੇ ਮੱਦੇਨਜ਼ਰ ਨਸ਼ਾ ਛੁਡਾਊ ਕੇਂਦਰਾਂ ਵਿੱਚ ਵੱਧ ਤੋਂ ਵੱਧ ਮਰੀਜ਼ਾਂ ਦੇ ਇਲਾਜ ਲਈ ਸਹੂਲਤਾਂ ਵਿੱਚ ਵਾਧਾ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਦੱਸਿਆ ਕਿ ਜਲੰਧਰ ਵਿੱਚ ਮੌਜੂਦਾ ਸਮੇਂ 25 ਓਟ ਕਲੀਨਿਕ ਹਨ, ਜਿਨ੍ਹਾਂ ਵਿੱਚ 19,753 ਮਰੀਜ਼ ਰਜਿਸਟਰਡ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕਲੀਨਿਕਾਂ ਦੇ ਬੁਨਿਆਦੀ ਢਾਂਚੇ ਅਤੇ ਇਲਾਜ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਲਈ ਯਤਨ ਕੀਤੇ ਜਾ ਰਹੇ ਹਨ।
ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਬਣਾਉਣ ਲਈ ਵਿਆਪਕ ਐਕਸ਼ਨ ਪਲਾਨ ਤਿਆਰ ਕੀਤਾ ਗਿਆ ਹੈ
ਸ਼੍ਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਬਣਾਉਣ ਲਈ ਵਿਆਪਕ ਐਕਸ਼ਨ ਪਲਾਨ ਤਿਆਰ ਕੀਤਾ ਗਿਆ ਹੈ। ਉਨ੍ਹਾਂ ਸਿਵਲ ਪ੍ਰਸ਼ਾਸਨ ਨੂੰ ਨਸ਼ਾ ਪ੍ਰਭਾਵਿਤ ਵਿਅਕਤੀਆਂ ਨੂੰ ਵੱਖ-ਵੱਖ ਹੁਨਰ ਵਿਕਾਸ ਕੋਰਸ ਕਰਵਾ ਕੇ ਉਨ੍ਹਾਂ ਦੀ ਮਦਦ ਕਰਨ ਦੀ ਹਦਾਇਤ ਕੀਤੀ ਤਾਂ ਜੋ ਉਹ ਆਮ ਜ਼ਿੰਦਗੀ ਵੱਲ ਵਾਪਸ ਆ ਸਕਣ। ਉਨ੍ਹਾਂ ਕਿਹਾ ਕਿ ਨਸ਼ਾ ਕਰਨ ਵਾਲਿਆਂ ਨਾਲ ਹਮਦਰਦੀ ਨਾਲ ਪੇਸ਼ ਆਉਣਾ ਚਾਹੀਦਾ ਹੈ। ਉਨ੍ਹਾਂ ਆਂਗਣਵਾੜੀ ਤੇ ਆਸ਼ਾ ਵਰਕਰਾਂ ਨੂੰ ਕਿਹਾ ਕਿ ਉਹ ਜ਼ਮੀਨੀ ਪੱਧਰ ‘ਤੇ ਨਸ਼ੇ ਤੋਂ ਪ੍ਰਭਾਵਿਤ ਵਿਅਕਤੀਆਂ ਦੀ ਪਛਾਣ ਕਰਨ ਤਾਂ ਜੋ ਉਨ੍ਹਾਂ ਨੂੰ ਸਹੀ ਡਾਕਟਰੀ ਦੇਖ਼ਭਾਲ ਦੀ ਸਹੂਲਤ ਮਿਲ ਸਕੇ।
ਨਸ਼ਿਆਂ ਵਿਰੁੱਧ ਸਾਂਝਾ ਮੋਰਚਾ ਬਣਾਉਣ ਲਈ ਸਮੂਹਿਕ ਯਤਨਾਂ ਦਾ ਸੱਦਾ ਦਿੰਦਿਆਂ ਸ਼੍ਰੀ ਅਮਨ ਅਰੋੜਾ ਨੇ ਹਰ ਵਰਗ ਦੇ ਨਾਗਰਿਕਾਂ ਨੂੰ ਨਸ਼ਿਆਂ ਵਿਰੁੱਧ ਜੰਗ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ। ਉਨ੍ਹਾਂ ਲੋਕਾਂ ਨੂੰ ਨਸ਼ਾ ਵੇਚਣ ਵਾਲਿਆਂ ਸਬੰਧੀ ਪੁਲਿਸ ਨੂੰ ਰਿਪੋਰਟ ਕਰਨ ਲਈ ਉਤਸ਼ਾਹਿਤ ਕੀਤਾ, ਜਿਸ ਨਾਲ ਜਲਦ ਅਤੇ ਸਖ਼ਤ ਕਾਰਵਾਈ ਯਕੀਨੀ ਹੋ ਸਕੇ। ਮੀਡੀਆ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਇਸ ਗੱਲ ’ਤੇ ਜ਼ੋਰ ਦਿੱਤਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਨਸ਼ਿਆਂ ਖਿਲਾਫ਼ ਇਕ ਜੰਗ ਹੈ ਅਤੇ ਪੰਜਾਬ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨ ਲਈ ਇਸ ਜੰਗ ਵਿੱਚ ਰਾਜਨੀਤਿਕ ਪਾਰਟੀਆਂ, ਗੈਰ-ਸਰਕਾਰੀ ਸੰਗਠਨਾਂ ਅਤੇ ਲੋਕਾਂ ਦੇ ਸਾਂਝੇ ਯਤਨਾਂ ਦੀ ਲੋੜ ਹੈ।
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚੋਂ ਨਸ਼ਿਆਂ ਨੂੰ ਖਤਮ ਕਰਨ ਲਈ ਦ੍ਰਿੜ ਹੈ
ਉਨ੍ਹਾਂ ਨਸ਼ਾ ਤਸਕਰਾਂ ਨੂੰ ਚਿਤਾਵਨੀ ਵੀ ਦਿੱਤੀ ਕਿ ਜਾਂ ਤਾਂ ਨਸ਼ਾ ਤਸਕਰੀ ਛੱਡ ਦੇਣ ਜਾਂ ਪੰਜਾਬ ਛੱਡ ਦੇਣ ਕਿਉਂਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚੋਂ ਨਸ਼ਿਆਂ ਨੂੰ ਖਤਮ ਕਰਨ ਲਈ ਦ੍ਰਿੜ ਹੈ।’
ਨਸ਼ਿਆਂ ਨੂੰ ਖ਼ਤਮ ਕਰਨ ਦੀ ਪੰਜਾਬ ਸਰਕਾਰ ਦੀ ਵਚਨਬੱਧਤਾ ਦਹੁਰਾਉਂਦਿਆਂ ਸ਼੍ਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਨੂੰ ਰੋਕਣ ਲਈ ਅਤਿ-ਆਧੁਨਿਕ ਐਂਟੀ-ਡਰੋਨ ਤਕਨੀਕ ਪ੍ਰਾਪਤ ਕਰਨ ‘ਤੇ ਵਿਚਾਰ ਕਰ ਰਿਹਾ ਹੈ।
ਮੀਟਿੰਗ ਵਿੱਚ ਮੇਅਰ ਵਿਨੀਤ ਧੀਰ, ਚੇਅਰਪਰਸਨ ਇੰਪਰੂਵਮੈਂਟ ਟਰੱਸਟ ਜਲੰਧਰ ਰਾਜਵਿੰਦਰ ਕੌਰ ਥਿਆੜਾ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅੰਮ੍ਰਿਤਪਾਲ ਸਿੰਘ, ਸੀਨੀਅਰ ‘ਆਪ’ ਆਗੂ ਪਵਨ ਕੁਮਾਰ ਟੀਨੂੰ, ਦਿਨੇਸ਼ ਢੱਲ, ਜੀਤ ਲਾਲ ਭੱਟੀ, ਪ੍ਰਿੰਸੀਪਲ ਪ੍ਰੇਮ ਕੁਮਾਰ, ਸਟੀਫ਼ਨ ਕਲੇਰ, ਪਿੰਦਰ ਪੰਡੋਰੀ ਅਤੇ ਜ਼ਿਲ੍ਹਾ ਪੁਲਿਸ ਸਮੇਤ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।