
– ਕੈਬਨਿਟ ਮੰਤਰੀ ਵਲੋਂ ਸਾਂਝੇ ਯਤਨਾਂ ਨਾਲ ਨਸ਼ਿਆਂ ਦੀ ਲਾਹਨਤ ਨੂੰ ਖ਼ਤਮ ਕਰਨ ਦਾ ਸੱਦਾ
– ਜ਼ਿਲ੍ਹੇ ’ਚ ਚੱਲ ਰਹੇ ਵਿਕਾਸ ਕਾਰਜਾਂ ਅਤੇ ਪੰਜਾਬ ਸਰਕਾਰ ਦੇ ਅਹਿਮ ਪ੍ਰੋਗਰਾਮਾਂ ਦਾ ਲਿਆ ਜਾਇਜ਼ਾ
ਜਲੰਧਰ 12 ਮਾਰਚ (ਜਸਵਿੰਦਰ ਸਿੰਘ ਆਜ਼ਾਦ)- ਪੰਜਾਬ ਦੇ ਮਾਲ, ਪੁਨਰਵਾਸ ਤੇ ਆਫ਼ਤ ਪ੍ਰਬੰਧਨ, ਜਲ ਸਪਲਾਈ ਤੇ ਸੈਨੀਟੇਸ਼ਨ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਵੱਖ-ਵੱਖ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਪੰਜਾਬ ਸਰਕਾਰ ਵਲੋਂ ਸਮਾਜ ਵਿਚੋਂ ਨਸ਼ਿਆਂ ਦੀ ਲਾਹਨਤ ਨੂੰ ਖ਼ਤਮ ਕਰਨ ਲਈ ਸ਼ੁਰੂ ਕੀਤੀ ਗਈ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਕੀਤੇ ਜਾਣ ਵਾਲੇ ਯਤਨਾਂ ਨੂੰ ਹੋਰ ਤੇਜ਼ ਕੀਤਾ ਜਾਵੇ।
ਪੰਜਾਬ ਸਰਕਾਰ ਦੇ ਅਹਿਮ ਵਿਕਾਸ ਪ੍ਰੋਜੈਕਟਾਂ ਅਤੇ ਲੋਕ ਭਲਾਈ ਸਕੀਮਾਂ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੀਤੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ, ਜਿਨ੍ਹਾਂ ਦੇ ਨਾਲ ਪੰਜਾਬ ਦੇ ਕੈਬਨਿਟ ਮੰਤਰੀ ਮਹਿੰਦਰ ਭਗਤ, ਵਿਧਾਇਕ ਬਲਕਾਰ ਸਿੰਘ, ਰਮਨ ਅਰੋੜਾ, ਇੰਦਰਜੀਤ ਕੌਰ ਮਾਨ, ਜਸਵੀਰ ਸਿੰਘ ਰਾਜਾ ਗਿੱਲ, ਮੇਅਰ ਵਨੀਤ ਧੀਰ ਅਤੇ ਡਿਪਟੀ ਕਮਿਸ਼ਨਰ ਡਾ.ਹਿਮਾਂਸ਼ੂ ਅਗਰਵਾਲ ਵੀ ਮੌਜੂਦ ਸਨ, ਨੇ ਪੁਲਿਸ ਅਤੇ ਸਿਹਤ ਵਿਭਾਗਾਂ ਨੂੰ ਨਸ਼ਿਆਂ ਦੀ ਸਪਲਾਈ ਅਤੇ ਮੰਗ ਨੂੰ ਖ਼ਤਮ ਕਰਨ ਲਈ ਬਹੁਮੰਤਵੀ ਰਣਨੀਤੀ ਨੂੰ ਅਪਣਾਉਣ ਦਾ ਸੱਦਾ ਦਿੱਤਾ। ਉਨ੍ਹਾਂ ਮੁਹਿੰਮ ਦੀ ਸਫ਼ਲਤਾ ਲਈ ਸਾਰੇ ਵਿਭਾਗਾਂ ਦੇ ਆਪਸੀ ਤਾਲਮੇਲ ਦੀ ਲੋੜ ’ਤੇ ਵੀ ਜ਼ੋਰ ਦਿੱਤਾ।
ਇਸ ਮੌਕੇ ਕਮਿਸ਼ਨਰ ਪੁਲਿਸ ਧਨਪ੍ਰੀਤ ਕੌਰ ਨੇ ਕੈਬਨਿਟ ਮੰਤਰੀ ਨੂੰ ਜਲੰਧਰ ਕਮਿਸ਼ਨਰੇਟ ਪੁਲਿਸ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਿਆਂ ਖਿਲਾਫ਼ ਕੀਤੀ ਗਈ ਕਾਰਵਾਈ ਤੋਂ ਜਾਣੂੰ ਕਰਵਾਉਂਦਿਆਂ ਦੱਸਿਆ ਕਿ ਹੁਣ ਤੱਕ 45 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸੇ ਤਰ੍ਹਾਂ ਐਸ.ਐਸ.ਪੀ. (ਦਿਹਾਤੀ) ਗੁਰਮੀਤ ਸਿੰਘ ਵਲੋਂ ਪੁਲਿਸ ਵਲੋਂ ਕੀਤੇ ਜਾ ਰਹੇ ਯਤਨਾਂ ਬਾਰੇ ਦੱਸਿਆ ਗਿਆ, ਜਦਕਿ ਸਿਹਤ ਵਿਭਾਗ ਵਲੋਂ ਨਸ਼ਾ ਛੁਡਾਊ ਪ੍ਰੋਗਰਾਮ ਬਾਰੇ ਵਿਸਥਾਰਿਤ ਰਿਪੋਰਟ ਪੇਸ਼ ਕੀਤੀ ਗਈ।
ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਵਿਚੋਂ ਨਸ਼ਿਆਂ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਸ਼ੁਰੂ ਕੀਤੀ ਗਈ ਇਸ ਮੁਹਿੰਮ ਵਿੱਚ ਚੁਣੇ ਹੋਏ ਨੁਮਾਇੰਦਿਆਂ ਅਤੇ ਆਮ ਲੋਕਾਂ ਨੂੰ ਸ਼ਾਮਿਲ ਕਰਦਿਆਂ ਇਸ ਨੂੰ ਇਕ ਜਨਤਕ ਮੁਹਿੰਮ ਬਣਾਇਆ ਜਾਵੇ।
ਮਾਲ ਵਿਭਾਗ ਦੀ ਕਾਰਗੁਜਾਰੀ ਦੀ ਸਮੀਖਿਆ ਕਰਦਿਆਂ ਕੈਬਨਿਟ ਮੰਤਰੀ ਮੁੰਡੀਆਂ ਨੇ ਐਲਾਨ ਕੀਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਪਾਸਪੋਰਟ ਸੇਵਾ ਕੇਂਦਰਾਂ ਦੀ ਤਰਜ ’ਤੇ ਮਾਡਲ ਸਬ ਰਜਿਸਟਰਾਰ ਦਫ਼ਤਰ ਸਥਾਪਿਤ ਕਰਨ ਦੀ ਯੋਜਨਾ ਉਲੀਕੀ ਗਈ ਹੈ। ਉਨ੍ਹਾ ਕਿਹਾ ਕਿ ਇਹਨਾਂ ਅਤਿ ਆਧੁਨਿਕ ਦਫ਼ਤਰਾਂ ਨਾਲ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਉਣ ਦੀ ਸਮਰੱਥਾ ਵਿੱਚ ਵਾਧਾ ਹੋਵੇਗਾ ਅਤੇ ਨਾਗਰਿਕਾਂ ਨੂੰ ਜਾਇਦਾਦ ਦੀ ਰਜਿਸਟਰੇਸ਼ਨ ਕਰਵਾਉਣ ਸਮੇਂ ਨਵੇਂ ਅਨੁਭਵ ਦਾ ਅਹਿਸਾਸ ਹੋਵੇਗਾ।
ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਜਲੰਧਰ ਵਿੱਚ ਸ਼ੁਰੂ ਕੀਤੇ ਗਏ ਪਾਇਲਟ ਪ੍ਰੋਜੈਕਟ ਤਹਿਤ 900 ਬਿਨੈਕਾਰਾਂ ਨੂੰ ਮਾਲ ਵਿਭਾਗ ਨਾਲ ਸਬੰਧਿਤ ਸੇਵਾਵਾਂ ਆਨਲਾਈਨ ਹਾਸਿਲ ਕਰਨ ਦੇ ਸਮਰੱਥ ਬਣਾਇਆ ਗਿਆ ਹੈ, ਜਿਸ ਨਾਲ ਸਰਕਾਰੀ ਦਫ਼ਤਰਾਂ ਵਿੱਚ ਨਿੱਜੀ ਤੌਰ ’ਤੇ ਜਾਣ ਦੀ ਲੋੜ ਬਹੁਤ ਘੱਟ ਗਈ ਹੈ। ਉਨ੍ਹਾਂ ਕਿਹਾ ਕਿ ਇਸ ਉਪਰਾਲੇ ਸਦਕਾ ਬਿਨੈਕਾਰ ਨੂੰ ਉਸ ਦੇ ਬਿਨੈਪੱਤਰ ਦੇ ਹਰ ਪੱਧਰ ’ਤੇ ਹੋਣ ਸਬੰਧੀ ਜਾਣਕਾਰੀ ਐਸ.ਐਮ.ਐਸ. ਰਾਹੀਂ ਮਿਲਦੀ ਹੈ। ਉਨ੍ਹਾਂ ਭਰੋਸਾ ਦੁਆਇਆ ਕਿ ਮਾਲ ਵਿਭਾਗ ਨਾਲ ਸਬੰਧਿਤ ਸੇਵਾਵਾਂ ਨੂੰ ਹੋਰ ਅਸਾਨ ਬਣਾਉਣ ਲਈ ਇਸ ਪ੍ਰਣਾਲੀ ਨੂੰ ਸੂਬੇ ਭਰ ਵਿੱਚ ਲਾਗੂ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਜਲੰਧਰ ਜ਼ਿਲ੍ਹਾ ਪਿਛਲੇ ਸਾਲ ਦੌਰਾਨ 1.08 ਲੱਖ ਇੰਤਕਾਲ ਦੇ ਕੇਸਾਂ ਦਾ ਨਿਪਟਾਰਾ ਕਰਕੇ ਮੋਹਰੀ ਰਿਹਾ ਹੈ। ਉਨ੍ਹਾਂ ਦੱਸਿਆ ਕਿ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਜ਼ਿਲ੍ਹੇ ਦੇ 980 ਪਿੰਡਾਂ ਦੇ ਵਸਨੀਕਾਂ ਨੂੰ ਜਾਇਦਾਦ ਦਾ ਹੱਕ ਦੇਣ ਲਈ ਕੰਮ ਪੂਰਾ ਹੋ ਚੁੱਕਾ ਹੈ ਅਤੇ ਵਿਭਾਗ ਵਲੋਂ ਦਸਤੀ ਗਿਰਦਾਵਰੀ ਨੂੰ ਡਿਜੀਟਲ ਫ਼ਸਲ ਸਰਵੇ ਵਿੱਚ ਤਬਦੀਲ ਕੀਤਾ ਗਿਆ ਹੈ।
ਹਾਊਸਿੰਗ ਅਤੇ ਸ਼ਹਿਰ ਵਿਕਾਸ ਵਿਭਾਗ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਕੈਬਨਿਟ ਮੰਤਰੀ ਮੁੰਡੀਆ ਨੇ ਦੱਸਿਆ ਕਿ 37.34 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਵਿਭਾਗ ਵਲੋਂ ਨਿਲਾਮੀਆਂ ਰਾਹੀਂ 110 ਕਰੋੜ ਰੁਪਏ ਦਾ ਮਾਲੀਆ ਪੈਦਾ ਕੀਤਾ ਗਿਆ ਹੈ ਅਤੇ ਭਵਿੱਖ ਵਿੱਚ ਨਿਲਾਮੀਆਂ ਰਾਹੀਂ 200 ਕਰੋੜ ਰੁਪਏ ਦਾ ਮਾਲੀਆ ਇਕੱਠਾ ਕੀਤਾ ਜਾਵੇਗਾ।
ਇਸ ਮੌਕੇ ਨਗਰ ਨਿਗਮ, ਜਲੰਧਰ ਦੇ ਅਧਿਕਾਰੀਆਂ ਨੇ ਕੈਬਨਿਟ ਮੰਤਰੀ ਨੂੰ ਦੱਸਿਆ ਕਿ 33 ਕਰੋੜ ਰੁਪਏ ਦੇ ਸਿਵਲ ਕੰਮ ਮੁਕੰਮਲ ਹੋਣ ਦੇ ਨੇੜੇ ਹਨ।
ਕੈਬਨਿਟ ਮੰਤਰੀ ਵਲੋਂ ਇਸ ਮੌਕੇ ਵੱਖ-ਵੱਖ ਸਰਕਾਰੀ ਸਕੀਮਾਂ ਜਿਵੇਂ ਕਿ ਮਗਨਰੇਗਾ, ਆਜੀਵਕਾ ਮਿਸ਼ਨ, ਵਾਟਰ ਸਪਲਾਈ ਅਤੇ ਸੈਨੀਟੇਸ਼ਨ ਪ੍ਰੋਗਰਾਮ, ਸਵੈ ਸਹਾਇਤਾ ਗਰੁੱਪਾਂ, ਸੜਕ ਨਿਰਮਾਣ, ਕੂੜਾ ਪ੍ਰਬੰਧਨ ਅਤੇ ਅਗਾਮੀ ਕਣਕ ਦੇ ਖ਼ਰੀਦ ਸਬੰਧੀ ਤਿਆਰੀਆਂ ਦਾ ਜਾਇਜ਼ਾ ਵੀ ਲਿਆ ਗਿਆ।
ਸਮੇਂ ਸਿਰ ਵਿਕਾਸ ਪ੍ਰੋਜੈਕਟਾਂ ਨੂੰ ਮੁਕੰਮਲ ਕਰਨ ਦੀ ਲੋੜ ’ਤੇ ਜ਼ੋਰ ਦਿੰਦਿਆਂ ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਿਕਾਸ ਕਾਰਜਾਂ ਦੀ ਗੁਣਵੱਤਾ ਅਤੇ ਕੁਸ਼ਲਤਾ ਨੂੰ ਯਕੀਨੀ ਬਣਾਉਣ ਲਈ ਵਿਕਾਸ ਕਾਰਜਾਂ ਦੀ ਰਣਨੀਤੀ ਨੂੰ ਸਫ਼ਲਤਾ ਪੂਰਵਕ ਨੇਪਰੇ ਚਾੜਨ ਲਈ ਵਿਧਾਇਕਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਜਲੰਧਰ ਨੂੰ ਨਮੂਨੇ ਦਾ ਜ਼ਿਲ੍ਹਾ ਬਣਾਉਣ ਲਈ ਨਵੇਂ ਵਿਕਾਸ ਪ੍ਰੋਜੈਕਟਾਂ ਦੀਆਂ ਤਜਵੀਜ਼ਾਂ ਭੇਜਣ ਦੀਆਂ ਹਦਾਇਤਾ ਵੀ ਕੀਤੀਆਂ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਡਾ.ਹਿਮਾਂਸ਼ੂ ਅਗਰਵਾਲ ਨੇ ਕੈਬਨਿਟ ਮੰਤਰੀ ਨੂੰ ਭਰੋਸਾ ਦੁਆਇਆ ਕਿ ਜ਼ਿਲ੍ਹੇ ਵਿੱਚ ਚੱਲ ਰਹੇ ਸਾਰੇ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਭਰੋਸਾ ਦੁਆਇਆ ਕਿ ਵਧੀਆ ਨਤੀਜਿਆਂ ਲਈ ਵਿਭਾਗਾਂ ਦੇ ਸੁਚੱਜੇ ਆਪਸੀ ਤਾਲਮੇਲ ਨੂੰ ਵੀ ਯਕੀਨੀ ਬਣਾਇਆ ਜਾ ਰਿਹਾ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸੈਰ ਸਪਾਟਾ ਅਤੇ ਸਭਿਆਚਾਰਕ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ, ਚੇਅਰਮੈਨ ਜਲੰਧਰ ਇੰਪਰੂਵਮੈਂਟ ਟਰੱਸਟ ਰਾਜਵਿੰਦਰ ਕੌਰ ਥਿਆੜਾ, ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਅੰਮ੍ਰਿਤਪਾਲ ਸਿੰਘ, ਚੇਅਰਮੈਨ ਪੰਜਾਬ ਐਗਰੋ ਐਕਸਪੋਰਟ ਕਾਰਪੋਰੇਸ਼ਨ ਲਿਮਟਿਡ ਮੰਗਲ ਸਿੰਘ ਬਸੀ, ਵਾਈਸ ਚੇਅਰਮੈਨ ਸਮਾਜ ਸਕੇਲ ਇੰਡਸਟਰੀ ਅਤੇ ਐਕਸਪੋਰਟ ਕਾਰਪੋਰੇਸ਼ਨ ਦਿਨੇਸ਼ ਢੱਲ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਪ੍ਰਿੰਸੀਪਲ ਪ੍ਰੇਮ ਕੁਮਾਰ, ਜੀਤ ਲਾਲ ਭੱਟੀ ਅਤੇ ਪਿੰਦਰ ਪੰਡੋਰੀ ਵੀ ਮੌਜੂਦ ਸਨ।