
ਕਿਹਾ, ਪੰਜਾਬ ਸਰਕਾਰ ਨਸ਼ਾ ਛੱਡ ਚੁੱਕੇ ਨੌਜਵਾਨਾਂ ਦੀ ਮਦਦ ਲਈ ਨਾਰਕੋਟਿਕਸ ਅਨੋਨੀਮਸ ਸਹਾਇਤਾ ਸਮੂਹ ਕਰ ਰਹੀ ਸਥਾਪਤ
ਪੰਜਾਬ ’ਚ 2.99 ਕਰੋੜ ਤੋਂ ਵੱਧ ਲੋਕਾਂ ਨੇ ਆਮ ਆਦਮੀ ਕਲੀਨਿਕਾਂ ਦਾ ਲਿਆ ਲਾਭ; ਮੁਫ਼ਤ ਦਵਾਈਆਂ ਤੇ ਟੈਸਟ ਸਹੂਲਤਾਂ ਨੇ ਪਬਲਿਕ ਹੈਲਥ ਕੇਅਰ ਸਿਸਟਮ ’ਚ ਨਵਾਂ ਮੀਲ ਪੱਥਰ ਕੀਤਾ ਸਥਾਪਤ
ਜਲੰਧਰ 16 ਮਾਰਚ (ਜਸਵਿੰਦਰ ਸਿੰਘ ਆਜ਼ਾਦ)- ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਲੋਕਾਂ ਨੂੰ ਸੂਬਾ ਸਰਕਾਰ ਵੱਲੋਂ ਵਿੱਢੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ‘ ਵਿੱਚ ਸ਼ਾਮਲ ਹੋ ਕੇ ਵਿਆਪਕ ਜਨ ਭਾਗੀਦਾਰੀ ਰਾਹੀਂ ਇਸ ਨੂੰ ਲੋਕ ਲਹਿਰ ਬਣਾਉਣ ਦੀ ਅਪੀਲ ਕੀਤੀ। ਸਥਾਨਕ ਸ਼ਹੀਦ ਬਾਬੂ ਲਾਭ ਸਿੰਘ ਸਿਵਲ ਹਸਪਤਾਲ ਵਿਖੇ ਨਸ਼ਾ ਛੁਡਾਊ ਕੇਂਦਰ ਦੇ ਨਿਰੀਖਣ ਦੌਰਾਨ ਉਨ੍ਹਾਂ ਨੇ ਸਮਾਜ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਸਿਹਤ, ਪੁਲਿਸ ਅਤੇ ਸਿਵਲ ਪ੍ਰਸ਼ਾਸਨ ਨੂੰ ਸ਼ਾਮਲ ਕਰਦਿਆਂ ਬਹੁ-ਪੱਖੀ ਪਹੁੰਚ ਅਪਨਾਉਣ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ।
ਮੀਡੀਆ ਨੂੰ ਸੰਬੋਧਨ ਕਰਦਿਆਂ ਡਾ. ਬਲਬੀਰ ਸਿੰਘ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ ਵਿੱਢਣ ਦੀ ਵਚਨਬੱਧਤਾ ਦੁਹਰਾਈ। ਸਿਹਤ ਮੰਤਰੀ, ਜਿਨ੍ਹਾਂ ਨਾਲ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਅਤੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੀ ਮੌਜੂਦ ਸਨ, ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡ ਅਤੇ ਮੁਹੱਲਾ ਪੱਧਰ ’ਤੇ ਸਿਹਤ ਕਮੇਟੀਆਂ ਕਾਇਮ ਕਰਨ ਤੋਂ ਇਲਾਵਾ ਹਰੇਕ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰ ਵਿਖੇ ਨਾਰਕੋਟਿਕਸ ਅਨੋਨੀਮਸ ਸਹਾਇਤਾ ਸਮੂਹ ਸਥਾਪਤ ਕੀਤੇ ਜਾਣਗੇ। ਇਹ ਸਮੂਹ ਨਸ਼ਾ ਛੱਡਣ ਵਾਲੇ ਵਿਅਕਤੀਆਂ ਦੀ ਸਹਾਇਤਾ ਕਰਨਗੇ ਤਾਂ ਕਿ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਹ ਦੁਬਾਰਾ ਨਸ਼ੇ ਦੀ ਲਤ ਵਿੱਚ ਨਾ ਫਸਣ। ਇਸ ਪਹਿਲਕਦਮੀ ਵਿੱਚ ਕਾਊਂਸਲਿੰਗ, ਹੁਨਰ ਵਿਕਾਸ ਸਿਖ਼ਲਾਈ ਅਤੇ ਰੋਜ਼ਗਾਰ ਸਹਾਇਤਾ ਸ਼ਾਮਲ ਹੋਵੇਗੀ।
ਮੰਤਰੀ ਨੇ ਜੇਲ੍ਹਾਂ ਵਿੱਚ ਬੰਦ ਪਹਿਲੀ ਵਾਰ ਨਸ਼ੀਲੇ ਪਦਾਰਥਾਂ ਦੇ ਮਾਮਲਿਆਂ ਨਾਲ ਸਬੰਧਤ ਵਿਅਕਤੀਆਂ ਨੂੰ ਨਸ਼ਾ ਛੁਡਾਊ ਪ੍ਰੋਗਰਾਮਾਂ ਵਿੱਚ ਸ਼ਾਮਲ ਕਰਕੇ ਸਮਾਜ ਵਿੱਚ ਮੁੜ ਜੋੜਨ ਵਿੱਚ ਮਦਦ ਕਰਕੇ ਉਨ੍ਹਾਂ ਦੇ ਮੁੜ ਵਸੇਬੇ ਦੀਆਂ ਯੋਜਨਾਵਾਂ ਦੀ ਰੂਪਰੇਖਾ ’ਤੇ ਵੀ ਚਾਨਣਾ ਪਾਇਆ। ਇਸ ਤੋਂ ਇਲਾਵਾ ਉਨ੍ਹਾਂ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਸਕੂਲਾਂ ਅਤੇ ਕਾਲਜਾਂ ਵਿੱਚ ਨਸ਼ਿਆਂ ਖਿਲਾਫ਼ ਜਾਗਰੂਕਤਾ ਪ੍ਰੋਗਰਾਮਾਂ ਦੀ ਮਹੱਤਤਾ ‘ਤੇ ਵੀ ਜ਼ੋਰ ਦਿੱਤਾ।
ਆਪਣੀ ਫੇਰੀ ਦੌਰਾਨ ਡਾ. ਬਲਬੀਰ ਸਿੰਘ ਨੇ ਨਸ਼ਾ ਛੁਡਾਊ ਕੇਂਦਰ ਵਿੱਚ ਮਰੀਜ਼ਾਂ ਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਇਸ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਲਈ ਦੂਜਿਆਂ ਨੂੰ ਪ੍ਰੇਰਿਤ ਕਰਨ ਲਈ ਉਤਸ਼ਾਹਿਤ ਕੀਤਾ। ਉਨ੍ਹਾਂ ਨੇ ਪੰਜਾਬ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਪੂਰੀ ਸਰਕਾਰੀ ਸਹਾਇਤਾ ਦਾ ਭਰੋਸਾ ਦਿੱਤਾ ਅਤੇ ਐਲਾਨ ਕੀਤਾ ਕਿ ਠੀਕ ਹੋਏ ਵਿਅਕਤੀਆਂ ਨੂੰ ਕਰੀਅਰ ਦੇ ਮੌਕੇ ਪ੍ਰਦਾਨ ਕਰਨ ਲਈ ਉਦਯੋਗਿਕ ਸਿਖ਼ਲਾਈ ਸੰਸਥਾਵਾਂ (ਆਈ.ਟੀ.ਆਈ.) ਅਤੇ ਪੌਲੀਟੈਕਨਿਕ ਸੰਸਥਾਵਾਂ ਨੂੰ ਸ਼ਾਮਲ ਕੀਤਾ ਜਾਵੇਗਾ।
ਪੰਜਾਬ ਵਿੱਚ ‘ਆਪ’ ਸਰਕਾਰ ਦੇ ਤਿੰਨ ਸਾਲਾਂ ‘ਤੇ ਚਾਨਣਾ ਪਾਉਂਦਿਆਂ ਕੈਬਨਿਟ ਮੰਤਰੀ ਨੇ ਆਮ ਆਦਮੀ ਕਲੀਨਿਕਾਂ ਦੀ ਸਫ਼ਲਤਾ ਅਤੇ ਬਿਹਤਰ ਜਨਤਕ ਸਿਹਤ ਸੰਭਾਲ ਬੁਨਿਆਦੀ ਢਾਂਚੇ ਦਾ ਹਵਾਲਾ ਦਿੰਦਿਆਂ ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਲਿਆਂਦੀਆਂ ਕ੍ਰਾਂਤੀਕਾਰੀ ਤਬਦੀਲੀਆਂ ਦਾ ਜ਼ਿਕਰ ਕੀਤਾ। ਉਨ੍ਹਾਂ ਦੱਸਿਆ ਕਿ ਆਮ ਆਦਮੀ ਕਲੀਨਿਕਾਂ ਰਾਹੀਂ 2.99 ਕਰੋੜ ਤੋਂ ਵੱਧ ਮਰੀਜ਼ਾਂ ਨੂੰ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਗਈਆਂ ਹਨ, ਜਿਨ੍ਹਾਂ ਵਿੱਚ 1.20 ਕਰੋੜ ਅਜਿਹੇ ਮਰੀਜ਼ ਹਨ, ਜੋ ਪਹਿਲੀ ਵਾਰ ਇਨ੍ਹਾਂ ਕਲੀਨਿਕਾਂ ਵਿੱਚ ਆਏ ਹਨ।
ਇਸੇ ਤਰ੍ਹਾਂ, ਜ਼ਿਲ੍ਹਾ ਹਸਪਤਾਲਾਂ ਅਤੇ ਸਬ ਡਵੀਜ਼ਨਲ ਹਸਪਤਾਲਾਂ ਨੂੰ ਵੀ ਐਕਸ-ਰੇ, ਅਲਟਰਾਸਾਊਂਡ, ਮੁਫ਼ਤ ਦਵਾਈਆਂ ਵਰਗੀਆਂ ਸਹੂਲਤਾਂ ਦੇ ਕੇ ਮਜ਼ਬੂਤ ਕੀਤਾ ਗਿਆ ਹੈ। ਜਨਤਕ ਸਿਹਤ ਸੰਭਾਲ ਪ੍ਰਣਾਲੀ ਵਿੱਚ ਵੱਡੇ ਪੱਧਰ ’ਤੇ ਭਰਤੀ ਨੇ ਰਾਜ ਵਿੱਚ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਕੀਤਾ ਹੈ ਅਤੇ ਸਰਕਾਰੀ ਹਸਪਤਾਲਾਂ ਵਿੱਚ ਆਉਣ ਵਾਲੇ ਲਗਭਗ 95 ਫੀਸਦੀ ਲੋਕਾਂ ਨੇ ਸਿਹਤ ਸੰਭਾਲ ਸੇਵਾਵਾਂ ‘ਤੇ ਸੰਤੁਸ਼ਟੀ ਪ੍ਰਗਟ ਕੀਤੀ ਹੈ।
ਡਾ. ਬਲਬੀਰ ਸਿੰਘ ਨੇ ਕੇਂਦਰ ਨੂੰ ਸਰਹੱਦ ਪਾਰੋਂ ਪਾਕਿਸਤਾਨ ਤੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਨੂੰ ਰੋਕਣ ਲਈ ਆਧੁਨਿਕ ਐਂਟੀ-ਡਰੋਨ ਤਕਨੀਕ ਲਾਗੂ ਕਰਕੇ ਨਸ਼ਾ ਵਿਰੋਧੀ ਯਤਨਾਂ ਨੂੰ ਮਜ਼ਬੂਤ ਕਰਨ ਦੀ ਅਪੀਲ ਕੀਤੀ। ਉਨ੍ਹਾਂ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਪੰਜਾਬ ਦੀ ਨਾਰਕੋ-ਅੱਤਵਾਦ ਵਿਰੁੱਧ ਲੜਾਈ ਵਿੱਚ ਸੰਘੀ ਸਹਾਇਤਾ ਬਹੁਤ ਮਹੱਤਵਪੂਰਣ ਹੈ।