
– ਸਕੂਲ ਆਫ਼ ਐਮੀਨੈਂਸ ਮਕਸੂਦਾਂ ਵਿਖੇ ਮੈਗਾ ਮਾਪੇ-ਅਧਿਆਪਕ ਮਿਲਣੀ ’ਚ ਕੀਤੀ ਸ਼ਿਰਕਤ
– ਸਕੂਲ ’ਚ 48 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਤਿੰਨ ਸਾਇੰਸ ਲੈਬਜ਼ ਤੇ 2 ਕਮਰਿਆਂ ਦਾ ਕੀਤਾ ਉਦਘਾਟਨ
– ਵਿਦਿਆਰਥੀਆਂ ਨੂੰ ਲਗਨ ਤੇ ਮਿਹਨਤ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਆ
ਜਲੰਧਰ 29 ਮਾਰਚ (ਜਸਵਿੰਦਰ ਸਿੰਘ ਆਜ਼ਾਦ)- ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮਹਿੰਦਰ ਭਗਤ ਨੇ ਅੱਜ ਸਕੂਲ ਆਫ਼ ਐਮੀਨੈਂਸ ਮਕਸੂਦਾਂ ਵਿਖੇ ਮੈਗਾ ਮਾਪੇ-ਅਧਿਆਪਕ ਮਿਲਣੀ ਵਿੱਚ ਸ਼ਿਰਕਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ਵਿੱਚ ਵੱਡੇ ਸੁਧਾਰ ਲਿਆਂਦੇ ਹਨ, ਜਿਸ ਸਦਕਾ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦਾ ਮਿਆਰ ਉੱਚਾ ਹੋਇਆ ਹੈ।
ਇਸ ਦੌਰਾਨ ਕੈਬਨਿਟ ਮੰਤਰੀ ਵੱਲੋਂ ਸਕੂਲ ਵਿਖੇ 48 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਤਿੰਨ ਸਾਇੰਸ ਲੈਬਜ਼ ਅਤੇ 2 ਕਮਰਿਆਂ ਦਾ ਉਦਘਾਟਨ ਵੀ ਕੀਤਾ ਗਿਆ।
ਆਪਣੇ ਸੰਬੋਧਨ ਦੌਰਾਨ ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਪਣੇ ਵਾਅਦੇ ਮੁਤਾਬਕ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਦਾ ਵਿਕਾਸ ਯਕੀਨੀ ਬਣਾਉਣ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਆਧੁਨਿਕ ਸਿੱਖਿਆ ਮੁਹੱਈਆ ਕਰਵਾਈ ਜਾ ਰਹੀ ਹੈ, ਜਿਸ ਸਦਕਾ ਲੋਕਾਂ ਦਾ ਸਰਕਾਰੀ ਸਕੂਲਾਂ ਪ੍ਰਤੀ ਰੁਝਾਨ ਵਧਣ ਕਰਕੇ ਇਨ੍ਹਾਂ ਸਕੂਲਾਂ ਵਿੱਚ ਦਾਖਲਿਆਂ ਦੀ ਗਿਣਤੀ ਵਿੱਚ ਵਾਧਾ ਹੋਇਆ ਹੈ।
ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ ਸਿੱਖਿਆ ਪ੍ਰਦਾਨ ਕਰਨ ਲਈ ਸਿੱਖਿਆ ਦੇ ਖੇਤਰ ਵਿੱਚ ਇਤਿਹਾਸਕ ਫੈਸਲੇ ਲਏ ਜਾ ਰਹੇ ਹਨ
ਸ਼੍ਰੀ ਭਗਤ ਨੇ ਕਿਹਾ ਕਿ ਸੂਬੇ ਵਿੱਚ ਜਦੋਂ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ, ਉਦੋਂ ਤੋਂ ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ ਸਿੱਖਿਆ ਪ੍ਰਦਾਨ ਕਰਨ ਲਈ ਸਿੱਖਿਆ ਦੇ ਖੇਤਰ ਵਿੱਚ ਇਤਿਹਾਸਕ ਫੈਸਲੇ ਲਏ ਜਾ ਰਹੇ ਹਨ, ਜਿਨ੍ਹਾਂ ਵਿੱਚ ਅਧਿਆਪਕਾਂ ਨੂੰ ਟ੍ਰੇਨਿੰਗ ਲਈ ਵਿਦੇਸ਼ ਭੇਜਣ, ਸਕੂਲ ਆਫ਼ ਐਮੀਨੈਂਸ ਦੀ ਸਥਾਪਨਾ, ਵਿਦਿਆਰਥੀਆਂ ਦੀ ਸਹੂਲਤ ਲਈ ਸਕੂਲਾਂ ਵਿੱਚ ਆਧੁਨਿਕ ਸਾਜੋ-ਸਾਮਾਨ, ਸ਼ਾਨਦਾਰ ਖੇਡ ਮੈਦਾਨ, ਸਾਇੰਸ ਲੈਬਜ਼ ਤੇ ਹੋਰ ਸਹੂਲਤਾਂ ਮੁਹੱਈਆ ਕਰਵਾਉਣਾ ਸ਼ਾਮਲ ਹੈ।
ਮਾਪੇ-ਅਧਿਆਪਕ ਮਿਲਣੀਆਂ ਦੀ ਮਹੱਤਤਾ ’ਤੇ ਚਾਨਣਾ ਪਾਉਂਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੀ ਇਹ ਪਹਿਲਕਦਮੀ ਜਿਥੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿੱਚ ਮਦਦਗਾਰ ਸਾਬਤ ਹੋ ਰਹੀ ਹੈ ਉਥੇ ਸਰਕਾਰੀ ਸਕੂਲਾਂ ਦੀ ਬਿਹਤਰੀ ਵਿੱਚ ਵੀ ਅਹਿਮ ਭੂਮਿਕਾ ਨਿਭਾਅ ਰਹੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਮਿਲਣੀਆਂ ਰਾਹੀਂ ਮਾਪੇ ਆਪਣੇ ਬੱਚਿਆਂ ਬਾਰੇ ਪੂਰੀ ਜਾਣਕਾਰੀ ਹਾਸਲ ਕਰਕੇ ਉਨ੍ਹਾਂ ਦੇ ਬੌਧਿਕ ਵਿਕਾਸ ਵਿੱਚ ਅਹਿਮ ਰੋਲ ਅਦਾ ਕਰਨ ਦੇ ਨਾਲ-ਨਾਲ ਆਪਣੇ ਫੀਡਬੈਕ ਰਾਹੀਂ ਸਰਕਾਰੀ ਸਕੂਲਾਂ ਨੂੰ ਹੋਰ ਬਿਹਤਰ ਕਰਨ ਵਿੱਚ ਵੀ ਯੋਗਦਾਨ ਪਾ ਸਕਦੇ ਹਨ।
ਸ਼੍ਰੀ ਭਗਤ ਨੇ ਇਸ ਮੌਕੇ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਹੋਰ ਲਗਨ ਅਤੇ ਮਿਹਨਤ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਆਪ ਆਗੂ ਦਿਨੇਸ਼ ਢੱਲ਼, ਜ਼ਿਲ੍ਹਾ ਸਿੱਖਿਆ ਅਫ਼ਸਰ ਗੁਰਿੰਦਰਜੀਤ ਕੌਰ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਰਾਜੀਵ ਜੋਸ਼ੀ, ਸਕੂਲ ਦੇ ਅਧਿਆਪਕ, ਵਿਦਿਆਰਥੀਆਂ ਦੇ ਮਾਪੇ ਅਤੇ ਵਿਦਿਆਰਥੀ ਵੀ ਮੌਜੂਦ ਸਨ।