ਆਮ ਆਦਮੀ ਕਲੀਨਿਕਾਂ ਲਈ ਮੈਡੀਕਲ ਅਫ਼ਸਰਾਂ ਦੀ ਹੋਈ ਇੰਟਰਵਿਊ

0
55

ਆਮ ਆਦਮੀ ਕਲੀਨਿਕਾਂ ਲਈ ਮੈਡੀਕਲ ਅਫ਼ਸਰਾਂ ਦੀ ਹੋਈ ਇੰਟਰਵਿਊ

ਸਿਵਲ ਸਰਜਨ ਡਾ. ਰਾਜੇਸ਼ ਗਰਗ ਵੱਲੋਂ ਨਵਨਿਯੁਕਤ ਫਾਰਮਾਸਿਸਟਾਂ ਅਤੇ ਕਲੀਨਿਕਲ ਅਸਿਸਟੈਂਟਜ਼ ਨੂੰ ਸੌਂਪੇ ਨਿਯੁਕਤੀ ਪੱਤਰ

  • Google+

ਜਲੰਧਰ, 10 ਜੂਨ (ਐਸ. ਕੇ. ਛਿੰਦਾ): ਜ਼ਿਲ੍ਹੇ ਵਿੱਚ ਆਮ ਆਦਮੀ ਕਲੀਨਿਕਾਂ (ਅਰਬਨ ਅਤੇ ਰੂਰਲ) ਲਈ ਮੈਡੀਕਲ ਅਫ਼ਸਰਾਂ ਦੀ ਭਰਤੀ ਸਬੰਧੀ ਇੰਟਰਵਿਊ ਸਿਵਲ ਸਰਜਨ ਦਫ਼ਤਰ ਜਲੰਧਰ ਵਿਖੇ ਕਰਵਾਈ ਗਈ। ਪੰਜਾਬ ਰਿਫਲੈਕਸ਼ਨ ਦੇ ਮੁੱਖ ਸੰਵਾਦਾਤਾ ਐਸ. ਕੇ. ਛਿੰਦਾ ਨੂੰ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਰਾਜੇਸ਼ ਗਰਗ ਨੇ ਦੱਸਿਆ ਕਿ ਇੰਟਰਵਿਊ ਪ੍ਰਕਿਰਿਆ ਪੂਰੀ ਤਰ੍ਹਾਂ ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਸੰਪੰਨ ਕਰਵਾਈ ਗਈ।

ਉਨ੍ਹਾਂ ਦੱਸਿਆ ਕਿ ਇੰਟਰਵਿਊ ਲਈ ਬਣਾਈ ਗਈ ਤਿੰਨ ਮੈਂਬਰੀ ਕਮੇਟੀ ਵਿੱਚ ਸਹਾਇਕ ਸਿਵਲ ਸਰਜਨ ਡਾ. ਜੋਤੀ ਫੁਕੇਲਾ ਅਤੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਵਨਿੰਦਰ ਰਿਆੜ ਵੀ ਸ਼ਾਮਲ ਸਨ। ਸਿਹਤ ਵਿਭਾਗ ਵੱਲੋਂ ਨਿਰਧਾਰਤ ਟੀਮਾਂ ਨੇ ਕਾਊਂਸਲਿੰਗ ਦੌਰਾਨ ਉਮੀਦਵਾਰਾਂ ਦੇ ਅਸਲ ਦਸਤਾਵੇਜ਼ਾਂ ਦੀ ਜਾਂਚ ਕੀਤੀ ਅਤੇ ਪੂਰੀ ਪ੍ਰਕਿਰਿਆ ਸੁਚਾਰੂ ਢੰਗ ਨਾਲ ਚਲਾਈ ਗਈ।

ਇਸ ਮੌਕੇ ਸਿਵਲ ਸਰਜਨ ਡਾ. ਰਾਜੇਸ਼ ਗਰਗ ਵੱਲੋਂ ਆਮ ਆਦਮੀ ਕਲੀਨਿਕਾਂ ਦੇ ਨਵਨਿਯੁਕਤ ਫਾਰਮਾਸਿਸਟਾਂ ਅਤੇ ਕਲੀਨਿਕਲ ਅਸਿਸਟੈਂਟਜ਼ ਨੂੰ ਨਿਯੁਕਤੀ ਪੱਤਰ ਵੀ ਸੌਂਪੇ ਗਏ। ਉਨ੍ਹਾਂ ਨਵਨਿਯੁਕਤ ਕਰਮਚਾਰੀਆਂ ਨੂੰ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਇਮਾਨਦਾਰੀ, ਜ਼ਿੰਮੇਵਾਰੀ ਅਤੇ ਤਨਦੇਹੀ ਨਾਲ ਆਪਣੀਆਂ ਡਿਊਟੀਆਂ ਨਿਭਾਉਣ ਦੀ ਪ੍ਰੇਰਣਾ ਦਿੱਤੀ।

ਡਾ. ਗਰਗ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਆਮ ਆਦਮੀ ਕਲੀਨਿਕਾਂ ਵਿੱਚ ਸਿਹਤ ਸਹੂਲਤਾਂ ਦਾ ਦਾਇਰਾ ਲਗਾਤਾਰ ਵਧਾਇਆ ਜਾ ਰਿਹਾ ਹੈ। ਜ਼ਿਲ੍ਹੇ ਵਿੱਚ ਹੋਰ ਨਵੇਂ ਆਮ ਆਦਮੀ ਕਲੀਨਿਕ ਖੋਲ੍ਹੇ ਜਾ ਰਹੇ ਹਨ, ਜਿਨ੍ਹਾਂ ਲਈ ਯੋਗ ਉਮੀਦਵਾਰਾਂ ਦੀ ਚੋਣ ਪ੍ਰਕਿਰਿਆ ਜਾਰੀ ਹੈ।

  • Google+

ਉਨ੍ਹਾਂ ਦੱਸਿਆ ਕਿ ਆਮ ਆਦਮੀ ਕਲੀਨਿਕਾਂ ਵਿੱਚ ਮਰੀਜ਼ਾਂ ਨੂੰ 102 ਤਰ੍ਹਾਂ ਦੀਆਂ ਦਵਾਈਆਂ ਮੁਫ਼ਤ ਮੁਹੱਈਆ ਕਰਵਾਈਆਂ ਜਾਣਗੀਆਂ। ਇਸ ਤੋਂ ਇਲਾਵਾ 47 ਤਰ੍ਹਾਂ ਦੇ ਲੈਬ ਟੈਸਟ, ਟੀ.ਬੀ. ਸਕ੍ਰੀਨਿੰਗ, ਡੌਗ ਬਾਈਟ ਕਾਰਨ ਹਲਕਾਅ ਤੋਂ ਬਚਾਅ ਲਈ ਟੀਕਾਕਰਨ, ਗਰਭਵਤੀ ਮਹਿਲਾਵਾਂ ਲਈ ਐਮਪੈਨਲਡ ਸੈਂਟਰਾਂ ‘ਤੇ ਮੁਫ਼ਤ ਸਕੈਨਿੰਗ ਅਤੇ ਓਪੀਡੀ ਦੌਰਾਨ ਐਂਟੀ ਰੈਬੀਜ਼ ਵੈਕਸੀਨ ਦੀ ਸੁਵਿਧਾ ਵੀ ਬਿਲਕੁਲ ਮੁਫ਼ਤ ਉਪਲਬਧ ਹੋਵੇਗੀ।

ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਰਾਹੀਂ ਆਮ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਗੁਣਵੱਤਾ ਭਰੀਆਂ ਅਤੇ ਮੁਫ਼ਤ ਸਿਹਤ ਸੇਵਾਵਾਂ ਉਪਲਬਧ ਕਰਵਾਉਣ ਦਾ ਉਦੇਸ਼ ਹੈ, ਜਿਸ ਨਾਲ ਸਿਹਤ ਸੇਵਾਵਾਂ ਹੋਰ ਮਜ਼ਬੂਤ ਅਤੇ ਲੋਕ-ਪੱਖੀ ਬਣ ਰਹੀਆਂ ਹਨ।

LEAVE A REPLY