
ਸਰਕਾਰੀ ਪ੍ਰਾਇਮਰੀ ਸੈਂਟਰ ਸਕੂਲ ਬਸਤੀ ਬਾਵਾ ਖੇਲ ਵਿਖੇ ਵਿਦਿਆਰਥੀਆਂ ਦੀ ਛੁਪੀ ਪ੍ਰਤਿਭਾ ਨੂੰ ਮਿਲਿਆ ਮੰਚ, ਵੱਖ-ਵੱਖ ਮੁਕਾਬਲਿਆਂ ਰਾਹੀਂ ਬੱਚਿਆਂ ਨੇ ਦਿਖਾਏ ਆਪਣੇ ਹੁਨਰpunjabreflection@gmail.com
ਜਲੰਧਰ 13 ਨੰਵਬਰ 2026 (ਐਸ.ਕੇ. ਕਪੂਰ)
ਸਰਕਾਰੀ ਪ੍ਰਾਇਮਰੀ ਸਕੂਲ ਬਸਤੀ ਬਾਵਾ ਖੇਲ ਵਿਖੇ ਵਿਦਿਆਰਥੀਆਂ ਦੀ ਸਿਰਜਣਾਤਮਕ ਪ੍ਰਤਿਭਾ ਨੂੰ ਨਿਖਾਰਨ, ਉਨ੍ਹਾਂ ਅੰਦਰ ਆਤਮ-ਵਿਸ਼ਵਾਸ ਪੈਦਾ ਕਰਨ ਅਤੇ ਸਰਵਪੱਖੀ ਵਿਕਾਸ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਇੱਕ ਵਿਸ਼ੇਸ਼ ਸਮਾਗਮ ਅਤੇ ਵੱਖ-ਵੱਖ ਮੁਕਾਬਲਿਆਂ ਦਾ ਆਯੋਜਨ ਕੀਤਾ ਗਿਆ। ਇਹ ਪ੍ਰੋਗਰਾਮ ਬਸਤੀ ਬਾਵਾ ਖੇਲ ਸੈਂਟਰ ਸਕੂਲ ਦੇ ਸੈਂਟਰ ਹੈੱਡ ਟੀਚਰ ਸ੍ਰੀ ਦਵਿੰਦਰ ਕੁਮਾਰ ਦੀ ਯੋਗ ਰਹਿਨੁਮਾਈ ਹੇਠ ਕਰਵਾਇਆ ਗਿਆ।
ਸਮਾਗਮ ਦੌਰਾਨ ਵਿਦਿਆਰਥੀਆਂ ਨੇ ਗੀਤ, ਕਵਿਤਾਵਾਂ, ਭਾਸ਼ਣ ਅਤੇ ਹੋਰ ਸੱਭਿਆਚਾਰਕ ਤੇ ਰਚਨਾਤਮਕ ਗਤੀਵਿਧੀਆਂ ਰਾਹੀਂ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਬੱਚਿਆਂ ਦੇ ਉਤਸ਼ਾਹ, ਆਤਮ-ਵਿਸ਼ਵਾਸ ਅਤੇ ਪੇਸ਼ਕਾਰੀ ਨੇ ਸਮਾਗਮ ਨੂੰ ਯਾਦਗਾਰੀ ਬਣਾ ਦਿੱਤਾ। ਇਸ ਮੌਕੇ ਵਿਸ਼ੇਸ਼ ਤੌਰ ‘ਤੇ ਸ੍ਰੀ ਮਨਜਿੰਦਰ ਪਾਲ ਸਿੰਘ (ਹੈੱਡ ਟੀਚਰ ਅਤੇ ਬੀ.ਆਰ.ਸੀ.) ਅਤੇ ਸ੍ਰੀ ਅਮਿਤ ਚੋਪੜਾ (ਹੈੱਡ ਟੀਚਰ) ਵੀ ਸ਼ਾਮਲ ਹੋਏ। ਉਨ੍ਹਾਂ ਨੇ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਅਜਿਹੇ ਮੁਕਾਬਲਿਆਂ ਨੂੰ ਬੱਚਿਆਂ ਦੀ ਸ਼ਖ਼ਸੀਅਤ ਦੇ ਵਿਕਾਸ ਲਈ ਬੇਹੱਦ ਮਹੱਤਵਪੂਰਨ ਦੱਸਿਆ।
ਪੰਜਾਬ ਰਿਫ਼ਲੈਕਸ਼ਨ ਦੇ ਮੁੱਖ ਸੰਵਾਦਦਾਤਾ ਐਸ.ਕੇ. ਕਪੂਰ ਨਾਲ ਗੱਲਬਾਤ ਕਰਦਿਆਂ ਸੈਂਟਰ ਹੈੱਡ ਟੀਚਰ ਸ੍ਰੀ ਦਵਿੰਦਰ ਕੁਮਾਰ ਨੇ ਦੱਸਿਆ ਕਿ ਅਜਿਹੇ ਪ੍ਰੋਗਰਾਮਾਂ ਦਾ ਮੁੱਖ ਉਦੇਸ਼ ਬੱਚਿਆਂ ਅੰਦਰ ਛੁਪੀਆਂ ਕਲਾਤਮਕ ਅਤੇ ਰਚਨਾਤਮਕ ਯੋਗਤਾਵਾਂ ਨੂੰ ਪਛਾਣ ਕੇ ਉਨ੍ਹਾਂ ਨੂੰ ਉਚਿਤ ਮੰਚ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਦਾ ਮਕਸਦ ਕੇਵਲ ਕਿਤਾਬੀ ਗਿਆਨ ਤੱਕ ਸੀਮਤ ਨਹੀਂ ਹੋਣਾ ਚਾਹੀਦਾ, ਸਗੋਂ ਬੱਚਿਆਂ ਦਾ ਸਰੀਰਕ, ਮਾਨਸਿਕ, ਸਮਾਜਿਕ ਅਤੇ ਸੱਭਿਆਚਾਰਕ ਵਿਕਾਸ ਵੀ ਉਤਨਾ ਹੀ ਜ਼ਰੂਰੀ ਹੈ। ਅਜਿਹੀਆਂ ਗਤੀਵਿਧੀਆਂ ਵਿਦਿਆਰਥੀਆਂ ਵਿੱਚ ਮੁਕਾਬਲੇ ਦੀ ਭਾਵਨਾ, ਟੀਮ ਵਰਕ ਅਤੇ ਆਤਮ-ਵਿਸ਼ਵਾਸ ਨੂੰ ਮਜ਼ਬੂਤ ਕਰਦੀਆਂ ਹਨ।
ਇਸ ਮੌਕੇ ਕਾਫ਼ੀ ਗਿਣਤੀ ਵਿੱਚ ਅਧਿਆਪਕ ਅਤੇ ਵੱਖ-ਵੱਖ ਮੁਕਾਬਲਿਆਂ ਵਿੱਚ ਭਾਗ ਲੈਣ ਵਾਲੇ ਵਿਦਿਆਰਥੀ ਹਾਜ਼ਰ ਸਨ। ਸਮੂਹ ਅਧਿਆਪਕਾਂ ਦੇ ਸਹਿਯੋਗ ਨਾਲ ਸਮਾਗਮ ਸੁਚੱਜੇ ਢੰਗ ਨਾਲ ਸੰਪੰਨ ਹੋਇਆ। ਅੰਤ ਵਿੱਚ ਵਿਦਿਆਰਥੀਆਂ ਦੀ ਭਰਪੂਰ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਭਵਿੱਖ ਵਿੱਚ ਵੀ ਅਜਿਹੀਆਂ ਗਤੀਵਿਧੀਆਂ ਵਿੱਚ ਵੱਧ-ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ ਗਿਆ।
































